ਸ਼ੰਭੂ ਅਤੇ ਖਨੌਰੀ 'ਚ ਕਾਰਵਾਈ ਖਿਲਾਫ 28 ਮਾਰਚ ਨੂੰ ਜਬਰ ਵਿਰੋਧੀ ਦਿਵਸ ਮਨਾਉਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ 24 ਮਾਰਚ 2025- ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਕਿਸਾਨ ਮੋਰਚੇ ਵਿੱਚ ਸ਼ਾਮਿਲ ਬਠਿੰਡਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ 28 ਮਾਰਚ ਨੂੰ ਜ਼ਿਲ੍ਹਾ ਪੱਧਰੀ ਧਰਨੇ ਮੁਜ਼ਾਹਰਿਆਂ ਰਾਹੀਂ ਜਬਰ ਵਿਰੋਧੀ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਅੱਜ ਇੱਕ ਮੀਟਿੰਗ ਜਸਵੀਰ ਸਿੰਘ ਆਕਲੀਆ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਦੀ ਪ੍ਰਧਾਨਗੀ ਹੇਠ ਸਥਾਨਕ ਟੀਚਰਜ ਹੋਮ ਵਿਖੇ ਹੋਈ ।ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਦੁਆਰਾ ਪਿਛਲੇ ਦਿਨੀ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ, ਸ਼ੰਭੂ ਖਨੌਰੀ ਅਤੇ ਹੋਰ ਬਾਰਡਰਾਂ ਤੇ ਕਿਸਾਨਾਂ ਤੇ ਲਾਠੀ ਚਾਰਜ ਕਰਨ, ਜੇਲਾਂ ਵਿੱਚ ਡੱਕਣ,ਉਹਨਾਂ ਦਾ ਸਮਾਨ ਭੰਨਣ ਅਤੇ ਚੋਰੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ,ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਂਦਾ (ਬੁਰਜ ਗਿੱਲ )ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ,ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸਵਰਨ ਸਿੰਘ ਪੂਹਲੀ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ, ਬੀਕੇਯੂ ਮਾਲਵਾ ਦੇ ਜਿਲਾ ਆਗੂ ਕੁਲਦੀਪ ਸਿੰਘ ਕੋਟਸ਼ਮੀਰ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਸੰਪੂਰਨ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਧੋਖੇ ਨਾਲ ਕਿਸਾਨ ਆਗੂਆਂ ਨੂੰ ਮੀਟਿੰਗ ਤੇ ਬੁਲਾ ਕੇ ਗਿਰਫਤਾਰ ਕੀਤਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜਮਹੂਰੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਕੇ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ ਨੂੰ ਕੁਚਲਦਿਆਂ ਹੋਇਆਂ ਸ਼ੰਬੂ ਖਨੌਰੀ ਅਤੇ ਦੂਜੇ ਬਾਡਰਾਂ ਤੇ ਚੱਲ ਰਹੇ ਧਰਨਿਆਂ ਉੱਪਰ ਰਾਤ ਦੇ ਸਮੇਂ ਧਾਵਾ ਬੋਲ ਕੇ ਕਿਸਾਨਾਂ ਤੇ ਲਾਠੀ ਚਾਰਜ ਕੀਤਾ ਗਿਆ। ਉਹਨਾਂ ਦੇ ਸਮਾਨ ਦੀ ਵੱਡੀ ਪੱਧਰ ਤੇ ਭੰਨ ਤੋੜ ਕੀਤੀ ਗਈ ਅਤੇ ਵੱਡੀ ਪੱਧਰ ਤੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿੱਚ ਡੱਕ ਦਿੱਤਾ ਗਿਆ। ਲਾਵਾਰਸ ਹੋਏ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਅਤੇ ਦੂਜੇ ਸਮਾਨ ਦੀ ਵੱਡੀ ਪੱਧਰ ਤੇ ਚੋਰੀ ਕਰਵਾਈ ਗਈ।
ਸੋਸ਼ਲ ਮੀਡੀਆ ਤੇ ਆ ਰਹੀਆਂ ਵੀਡੀਓਜ ਵਿੱਚ ਇਹ ਵੀ ਦੇਖਿਆ ਗਿਆ ਕਿ ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਸੱਤਾਧਾਰੀ ਆਮ ਪਾਰਟੀ ਦੇ ਆਗੂਆਂ ਦੇ ਘਰਾਂ ਤੋਂ ਬਰਾਮਦ ਹੋ ਰਹੀਆਂ ਹਨ। ਕਿਸਾਨ ਆਗੂਆਂ ਨੇ ਇਸ ਘਟਨਾਕ੍ਰਮ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਨਾਦਰਸ਼ਾਹੀ ਤੇ ਲੋਕ ਵਿਰੋਧੀ ਨੀਤੀਆਂ ਨੂੰ ਪੰਜਾਬ ਵਿੱਚ ਲਾਗੂ ਕਰ ਰਹੀ ਹੈ। ਉਹ ਕਿਸਾਨਾਂ ਤੇ ਜ਼ੁਲਮ ਕਰਕੇ ਸਰਕਾਰਾਂ ਦੇ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਏਜੰਡੇ ਨੂੰ ਅੱਗੇ ਵਧ ਕੇ ਲਾਗੂ ਕਰਨ ਦਾ ਯਤਨ ਕਰ ਰਹੀ ਹੈ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਕਿਸਾਨ ਭਾਵੇਂ ਕਿਸੇ ਵੀ ਮੋਰਚੇ ਜਾਂ ਜਥੇਬੰਦੀ ਦੇ ਬੈਨਰ ਥੱਲੇ ਸ਼ਾਂਤੀ ਪੂਰਨ ਸੰਘਰਸ਼ ਕਰਦੇ ਹੋਣ,ਉਹਨਾਂ ਤੇ ਕੋਈ ਵੀ ਜੁਲਮ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ 28 ਮਾਰਚ ਨੂੰ ਪੂਰੇ ਭਾਰਤ ਵਿੱਚ ਜਬਰ ਵਿਰੋਧੀ ਕਾਲਾ ਦਿਵਸ ਮਨਾਇਆ ਜਾਵੇਗਾ ਅਤੇ ਜ਼ਿਲਾ ਹੈਡ ਕੁਆਰਟਰਾਂ ਤੇ ਧਰਨੇ ਦੇ ਕੇ ਰੋਸ ਮੁਜਾਰੇ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲਾਂ ਅੰਦਰ ਡੱਕੇ ਹੋਏ ਆਗੂਆਂ ਤੇ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।ਉਹਨਾਂ ਦੇ ਪੂਰੇ ਸਮਾਨ ਦੀ ਬਰਾਮਦੀ ਕਰਾ ਕੇ ਕਿਸਾਨਾਂ ਦੇ ਸਪੁਰਦ ਕੀਤਾ ਜਾਵੇ। ਗੁੰਮ ਹੋਏ ਸਮਾਨ ਦੀ ਜਿੰਮੇਵਾਰ ਪੰਜਾਬ ਸਰਕਾਰ ਹੈ ਇਸ ਕਰਕੇ ਉਸ ਸਮਾਨ ਦੀ ਪੂਰਤੀ ਪੰਜਾਬ ਸਰਕਾਰ ਕਰੇ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਰਾਜ ਮਹਿੰਦਰ ਸਿੰਘ ਕੋਟਭਾਰਾ ਬੀਕੇਯੂ ਡਕੌਦਾ, ਦਰਸ਼ਨ ਸਿੰਘ ਫੁੱਲੋ ਮਿੱਠੀ ਕੁਲ ਹਿੰਦ ਕਿਸਾਨ ਸਭਾ, ਬਲਵਿੰਦਰ ਸਿੰਘ ਗੰਗਾ ਬੀਕੇਯੂ ਮਾਨਸਾ, ਜਸਵੰਤ ਸਿੰਘ ਕਿਰਤੀ ਕਿਸਾਨ ਯੂਨੀਅਨ,ਚੰਦ ਸਿੰਘ ਭੁੱਚੋ ਬੀਕੇਯੂ ਡਕੌਦਾ, ਗੋਬਿੰਦ ਸਿੰਘ ਬੀਕੇਯੂ ਲੱਖੋਵਾਲ, ਹਰੀ ਸਿੰਘ ਜਮਹੂਰੀ ਕਿਸਾਨ ਸਭਾ ਆਦਿ ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਲੋਕਤੰਤਰੀ ਤਰੀਕੇ ਨਾਲ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਹੋਏ ਜੁਲਮ ਦਾ ਟਾਕਰਾ ਕਰਨ ਲਈ ਸਮਾਜ ਦੇ ਸਾਰੇ ਵਰਗਾਂ (ਕਿਸਾਨਾਂ,ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਦੁਕਾਨਦਾਰਾਂ,ਬੇਰੁਜ਼ਗਾਰਾਂ ਅਤੇ ਵਿਦਿਆਰਥੀਆਂ )ਨੂੰ ਅਪੀਲ ਕੀਤੀ ਕਿ 28 ਮਾਰਚ ਨੂੰ 11 ਵਜੇ ਡੀਸੀ ਦਫਤਰ ਬਠਿੰਡਾ ਵਿਖੇ ਪਹੁੰਚਣ ਤਾਂ ਕਿ ਸਰਕਾਰਾਂ ਦੇ ਲੋਕ ਵਿਰੋਧੀ ਅਤੇ ਗੈਰ ਜਮਹੂਰੀ ਤੌਰ ਤਰੀਕਿਆਂ ਨੂੰ ਠੱਲ੍ਹ ਅਤੇ ਕਾਰਪੋਰੇਟ ਘਰਾਣਿਆਂ ਵਾਸਤੇ ਲੋਕਾਂ ਦੇ ਸਾਰੇ ਕਾਰੋਬਾਰ ਨੂੰ ਖਤਮ ਕਰਨ ਲਈ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਨੂੰ ਰੋਕਿਆ ਜਾ ਸਕੇ ।