ਪੰਜਾਬ ਸਰਕਾਰ ਵੱਲੋਂ ਆਰੰਭੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਮਿਲ ਰਹੀ ਹੈ ਵੱਡੀ ਕਾਮਯਾਬੀ : ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਸੂਬੇ ਭਰ ਵਿੱਚ 3868 ਨਸਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ - ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਰੋਹਿਤ ਗੁਪਤਾ
ਗੁਰਦਾਸਪੁਰ, 25 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੇ ਗਏ 'ਯੁੱਧ ਨਸ਼ਿਆਂ ਵਿਰੁੱਧ' ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ ਅਤੇ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬਾ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਕੇ ਇੱਕ ਵਾਰ ਫਿਰ ਰੰਗਲਾ ਪੰਜਾਬ ਬਣੇਗਾ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 1 ਮਾਰਚ, 2025 ਤੋਂ 24 ਮਾਰਚ ਤੱਕ ਸੂਬੇ ਭਰ ਵਿੱਚ 3868 ਨਸਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 2177 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸਾ ਤਸਕਰਾਂ ਦੇ ਕਬਜ਼ੇ ਵਿੱਚੋਂ 135.5 ਕਿੱਲੋਗਰਾਮ ਹੈਰੋਇਨ, 82.9 ਕਿੱਲੋਗਰਾਮ ਅਫ਼ੀਮ, 1419 ਕਿੱਲੋਗਰਾਮ ਭੁੱਕੀ, 34.24 ਕਿੱਲੋਗਰਾਮ ਗਾਂਜਾ, 7.58 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ, 1 ਕਿੱਲੋ ਆਈਸੀਈ ਅਤੇ 5.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਜਿੱਥੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ ਓਥੇ ਰਾਜ ਸਰਕਾਰ ਵੱਲੋਂ ਨਸ਼ੇ ਤੋਂ ਪੀੜ੍ਹਤ ਨੌਜਵਾਨਾਂ ਦੇ ਮੁਫ਼ਤ ਇਲਾਜ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ ਜਨ-ਸਧਾਰਨ ਨੂੰ ਨਸ਼ਿਆਂ ਖ਼ਿਲਾਫ਼ ਯੁੱਧ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦਾ ਸਾਥ ਲੈ ਕੇ ਇਸ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।