ਭਾਜਪਾ ਆਗੂ ਸੰਦੀਪ ਅਗਰਵਾਲ ਵੱਲੋਂ ਪੰਜਾਬ ਸਰਕਾਰ ਤੋਂ ਔਰਤਾਂ ਨੂੰ ਹਜ਼ਾਰ ਰੁਪਿਆ ਦੇਣ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ, 25 ਮਾਰਚ 2025: ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨਾਲ ਸੱਤਾ ਸੰਭਾਲਣ ਵਾਲੀ ਆਮ ਆਦਮੀ ਪਾਰਟੀ ਨੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਰਕਮ ਨਾ ਦੇਣ ‘ਤੇ ਭਾਜਪਾ ਯੁਵਾ ਮੋਰਚਾ ਦੇ ਸੰਦੀਪ ਅਗਰਵਾਲ ਨੇ ਆਪਣਾ ਰੋਸ ਜਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਈਮੇਲ ਰਾਹੀਂ ਪੱਤਰ ਲਿਖਕੇ ਇਸ ਬਜਟ ‘ਚ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਲਿਖਿਆ ਕਿ ਨਿਰਾਸ਼ਾ ਦੇ ਨਾਲ ਇਹ ਪੱਤਰ ਲਿਖ ਰਹੇ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਮਹਿਲਾਵਾਂ ਨਾਲ ਕੀਤਾ ਗਿਆ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ, ਜਿਸ ਕਰਕੇ ਉਹਨਾਂ ਨੂੰ ਠੱਗਿਆ ਹੋਇਆ ਮਹਿਸੂਸ ਹੋ ਰਿਹਾ ਹੈ।
ਉਹਨਾਂ ਕਿਹਾ ਕਿ ਮਹਿਲਾਵਾਂ ਲਈ ਇੱਕ ਹਜ਼ਾਰ ਰੁਪਏ ਸਿਰਫ ਆਰਥਿਕ ਮਦਦ ਨਹੀਂ ਵਚਨਬੱਧਤਾ ਅਤੇ ਭਰੋਸੇ ਦਾ ਵੀ ਸਵਾਲ ਹੈ। ਸੰਦੀਪ ਅਗਰਵਾਲ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਬਜਟ ‘ਚ ਮਹਿਲਾਵਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਐਲਾਨੇ ਅਤੇ ਪਿਛਲੇ ਤਿੰਨ ਸਾਲਾਂ ਦੀ ਬਕਾਇਆ ਰਕਮ ਵੀ ਉਨ੍ਹਾਂ ਦੇ ਖਾਤਿਆਂ ‘ਚ ਪਾਏ। ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੀ ਦਖਲ ਦੇਣ ਦੀ ਅਪੀਲ ਕੀਤੀ ਤਾਂ ਕਿ ਮਹਿਲਾਵਾਂ ਨੂੰ ਇਨਸਾਫ਼ ਮਿਲ ਸਕੇ।ਸੰਦੀਪ ਅਗਰਵਾਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰਦੀ ਤਾਂ ਭਾਜਪਾ ਲੋਕਤੰਤਰਿਕ ਢੰਗ ਨਾਲ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਨੇ ਪੰਜਾਬ ਵਿੱਚ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਸਮੱਸਿਆ ‘ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਹਨਾਂ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ।