8000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 25 ਮਾਰਚ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਖਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਐਫਆਈਆਰ ਦਰਜ ਕਰਵਾਈ ਹੈ ਜਿੱਥੇ ਉਸਦੇ ਕੇਸ ‘ਚ ਜਾਂਚ ਅਧਿਕਾਰੀ ਏ.ਐਸ.ਆਈ. ਸੰਜੇ ਕੁਮਾਰ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਕਰਨ ਬਦਲੇ ਉਸ ਤੋਂ 10000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਐਸ.ਏ.ਐਸ. ਨਗਰ ਸਥਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਪੰਜਾਬ ਵਿਖੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।