ਸੈਮੀਨਾਰ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 26 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਰੇ ਵਰਗਾਂ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਬੀ.ਡੀ.ਪੀ.ਓ. ਦਫ਼ਤਰ ਖੇੜਾ ਵਿਖੇ ਬਲਾਕ ਦੀਆਂ ਪੰਚਾਇਤਾਂ ਲਈ ਕਰਵਾਏ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ
ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦਾ ਖਾਤਮਾ ਕਰਨਾ ਬਹੁਤ ਜਰੂਰੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਮੁਹਿੰਮ ਅਧੀਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ , ਸ. ਧਾਲੀਵਾਲ ਨੇ ਪੰਚਾਇਤਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਪਿੰਡਾਂ ਦਾ ਕੋਈ ਨੌਜਵਾਨ ਜੋ ਕਿ ਨਸ਼ਿਆਂ ਦਾ ਤਿਆਗ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿੱਚ ਲਿਆਂਦਾ ਜਾਵੇ ਜਿਥੇ ਉਨ੍ਹਾਂ ਦਾ ਮੁਫਤ ਇਲਾਜ ਕਰਕੇ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਨੌਜਵਾਨ ਮੁੱਖ ਧਾਰਾ ਵਿੱਚ ਸ਼ਾਮਲ ਹੋ ਕੇ ਨਸ਼ਾ ਰਹਿਤ ਜਿੰਦਗੀ ਬਤੀਤ ਕਰ ਸਕਣ
ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਪਿੰਡ ਵਿੱਚ ਕੋਈ ਵਿਅਕਤੀ ਨਸ਼ਿਆਂ ਦਾ ਕਾਰੋਬਾਰ ਕਰ ਰਿਹਾ ਹੈ ਤਾਂ ਉਸ ਸਬੰਧੀ ਪੁਲਿਸ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਅਜਿਹੇ ਲੋਕਾਂ ਨੂੰ ਜੇਲ੍ਹਾਂ ਅੰਦਰ ਡੱਕ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ , ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖੇੜਾ ਚੰਦ ਸਿੰਘ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਬਲਾਕ ਦੀਆਂ ਪੰਚਾਇਤਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ ਹੈ
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਨੂੰ ਸਭ ਨੂੰ ਸੁਚੇਤ ਹੋਣਾ ਪਵੇਗਾ ਕਿਉਂਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਨਤੀਜੇ ਘਾਤਕ ਨਿਕਲਣਗੇ। ਇਸ ਮੌਕੇ ਖੇੜਾ ਬਲਾਕ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚ, ਪੰਚ ਤੇ ਵਿਭਾਗੀ ਅਧਿਕਾਰੀ ਹਾਜਰ ਸਨ
