ਭਗਵੰਤ ਮਾਨ ਸਰਕਾਰ ਨੇ 5,000 ਤੋਂ ਵੱਧ ਦਲਿਤ ਪਰਿਵਾਰਾਂ ਦੇ 70 ਕਰੋੜ ਰੁਪਏ ਦੇ ਕਰਜ਼ੇ ਕੀਤੇ ਮੁਆਫ਼
ਪੰਜਾਬ ਸਰਕਾਰ ਦਾ ਇਨਕਲਾਬੀ ਬਜਟ ਹਾਸ਼ੀਏ 'ਤੇ ਪਏ ਭਾਈਚਾਰਿਆਂ ਲਈ ਰਾਹਤ ਅਤੇ ਮੌਕੇ ਲੈਕੇ ਆਇਆ: ਡਾ. ਬਲਜੀਤ ਕੌਰ
ਅਨੁਸੂਚਿਤ ਜਾਤੀ ਉਪ-ਯੋਜਨਾ ਪਹਿਲਕਦਮੀਆਂ ਲਈ 13,987 ਕਰੋੜ ਰੁਪਏ ਦੀ ਰਿਕਾਰਡ ਵੰਡ
ਵਜ਼ੀਫ਼ਿਆਂ ਲਈ 262 ਕਰੋੜ, ਅਸ਼ੀਰਵਾਦ ਯੋਜਨਾ ਲਈ 36 ਕਰੋੜ, ਜਨ ਵਿਕਾਸ ਪ੍ਰੋਗਰਾਮ ਅਧੀਨ 170 ਕਰੋੜ ਦੀ ਵੰਡ, ਦੋ ਨਵੇਂ ਕਾਲਜ, ਮੁਫ਼ਤ ਬੱਸ ਸੇਵਾਵਾਂ ਲਈ 450 ਕਰੋੜ ਅਤੇ ਪੋਸ਼ਣ ਲਈ 1,177 ਕਰੋੜ
ਚੰਡੀਗੜ੍ਹ, 26 ਮਾਰਚ 2025- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਲੋਕ-ਕੇਂਦ੍ਰਿਤ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਬਜਟ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਨੇ ਬਜਟ ਵਿੱਚ ਅਨੁਸੂਚਿਤ ਜਾਤੀਆਂ, ਔਰਤਾਂ ਅਤੇ ਪਛੜੇ ਪਰਿਵਾਰਾਂ ਦੀ ਸਹਾਇਤਾ ਲਈ ਪੇਸ਼ ਕੀਤੇ ਗਏ ਮਹੱਤਵਪੂਰਨ ਉਪਾਵਾਂ 'ਤੇ ਚਾਨਣਾ ਪਾਇਆ।
ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦੁਆਰਾ 31 ਮਾਰਚ, 2020 ਤੱਕ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਅਧੀਨ ਲਏ ਗਏ 70 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਇਸ ਫੈਸਲੇ ਨਾਲ 5,000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਜੋ ਉੱਚ ਵਿਆਜ ਦਰਾਂ ਅਤੇ ਆਰਥਿਕ ਮੁਸ਼ਕਲਾਂ ਕਾਰਨ ਭੁਗਤਾਨ ਕਰਨ ਵਿੱਚ ਅਸਮਰੱਥ ਸਨ।
ਰਾਜ ਨੇ ਅਨੁਸੂਚਿਤ ਜਾਤੀ ਉਪ-ਯੋਜਨਾ ਪਹਿਲਕਦਮੀਆਂ ਲਈ 13,987 ਕਰੋੜ ਰੁਪਏ ਅਲਾਟ ਕੀਤੇ ਹਨ। ਡਾ. ਕੌਰ ਨੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਇਸ ਬੇਮਿਸਾਲ ਕਦਮ ਦੀ ਸ਼ਲਾਘਾ ਕੀਤੀ। ਮੁੱਖ ਵੰਡਾਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਲਈ ₹262 ਕਰੋੜ ਰੁਪਏ , ਗਰੀਬ ਪਰਿਵਾਰਾਂ ਦੀਆਂ ਕੁੜੀਆਂ ਦੇ ਵਿਆਹ ਲਈ ਅਸ਼ੀਰਵਾਦ ਯੋਜਨਾ ਤਹਿਤ 36 ਕਰੋੜ ਰੁਪਏ ਅਤੇ ਔਰਤਾਂ, ਬਜ਼ੁਰਗ ਨਾਗਰਿਕਾਂ, ਅਪਾਹਜ ਵਿਅਕਤੀਆਂ ਅਤੇ ਤਲਾਕਸ਼ੁਦਾ ਜਾਂ ਇਕੱਲੀਆਂ ਔਰਤਾਂ ਨੂੰ ਲਾਭ ਪਹੁੰਚਾਉਣ ਵਾਲੇ ਸਮਾਜ ਭਲਾਈ ਪ੍ਰੋਗਰਾਮਾਂ ਲਈ 6,175 ਕਰੋੜ ਰੁਪਏ ਸ਼ਾਮਲ ਹਨ।
ਡਾ. ਬਲਜੀਤ ਕੌਰ ਨੇ ਜਨ ਵਿਕਾਸ ਪ੍ਰੋਗਰਾਮ ਤਹਿਤ ਮੈਡੀਕਲ ਕਾਲਜ ਅਤੇ ਖੇਤੀਬਾੜੀ ਕਾਲਜ ਦੀ ਸਥਾਪਨਾ ਲਈ 170 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੀ ਵੀ ਸ਼ਲਾਘਾ ਕੀਤੀ, ਜਿਸਦਾ ਉਦੇਸ਼ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ।
ਮਹਿਲਾ ਸਸ਼ਕਤੀਕਰਨ ਲਈ ਸਰਕਾਰ ਨੇ ਮੁਫ਼ਤ ਬੱਸ ਸੇਵਾਵਾਂ ਜਾਰੀ ਰੱਖਣ ਲਈ 450 ਕਰੋੜ ਰੁਪਏ ਅਤੇ ਆਂਗਣਵਾੜੀ ਕੇਂਦਰਾਂ 'ਤੇ ਔਰਤਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਲਈ ਪੋਸ਼ਣ ਅਭਿਆਨ ਤਹਿਤ 1,177 ਕਰੋੜਰੁਪਏ ਅਲਾਟ ਕੀਤੇ ਹਨ।
ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਜਟ ਮਾਨ ਸਰਕਾਰ ਦੀ ਸਮਾਨ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਗਰੀਬਾਂ ਅਤੇ ਹਾਸ਼ੀਏ 'ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਲਈ ਇੱਕ ਦੂਰਦਰਸ਼ੀ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ।