ਪੰਜਾਬ ਦੀ ਆਰਥਿਕ ਤਰੱਕੀ ਅਤੇ ਹਰ ਵਰਗ ਨੂੰ ਖੁਸ਼ ਕਰਨ ਵਾਲਾ ਬਜਟ: ਮੇਅਰ ਪਦਮਜੀਤ ਸਿੰਘ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 26 ਮਾਰਚ 2025: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਬਿਨਾਂ ਕੋਈ ਨਵਾਂ ਟੈਕਸ ਲਗਾਏ ਪੇਸ਼ ਕੀਤਾ ਗਿਆ 2.36 ਕਰੋੜ ਰੁਪਏ ਦਾ ਬਜਟ ਪੰਜਾਬ ਦੀ ਆਰਥਿਕ ਤਰੱਕੀ ਦੇ ਨਾਲ-ਨਾਲ ਹਰ ਵਰਗ ਨੂੰ ਖੁਸ਼ਹਾਲੀ ਵੱਲ ਲਿਜਾਣ ਵਾਲਾ ਸਾਬਤ ਹੋਵੇਗਾ। ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਇਸ ਬਜਟ ਵਿੱਚ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ, ਜੋ ਕਿ ਭਗਵੰਤ ਮਾਨ ਸਰਕਾਰ ਅਤੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਦੀ ਦੂਰਅੰਦੇਸ਼ੀ ਸੋਚ ਨੂੰ ਉਜਾਗਰ ਕਰਦਾ ਹੈ।
ਮੇਅਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬਜਟ ਵਿੱਚ 17,975 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ 425 ਪ੍ਰਾਇਮਰੀ ਸਕੂਲਾਂ ਨੂੰ “ਸਕੂਲ ਆਫ਼ ਐਮੀਨੈਂਸ” ਵਿੱਚ ਤਬਦੀਲ ਕੀਤਾ ਜਾਵੇਗਾ, ਜਦਕਿ 4098 ਸਕੂਲਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਪੰਜਾਬ ਦੇ ਸਾਰੇ ਸਕੂਲਾਂ ਵਿੱਚ ਐਨੀਮੇਸ਼ਨ ਤੇ ਡਿਜੀਟਲ ਸਿਸਟਮ ਸ਼ੁਰੂ ਕੀਤਾ ਜਾਵੇਗਾ। ਬਜਟ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਪ੍ਰਫੁੱਲਤ ਕਰਨ ਦੇ ਉਪਰਾਲੇ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਔਰਤਾਂ ਵੱਲ ਵੀ ਧਿਆਨ ਦਿੱਤਾ ਗਿਆ ਹੈ, ਜਿਸ ਤਹਿਤ ਵਿਧਵਾ ਔਰਤਾਂ ਲਈ 875 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜਦਕਿ ਆਸ਼ੀਰਵਾਦ ਸਕੀਮ ਤਹਿਤ 360 ਕਰੋੜ ਰੁਪਏ ਰੱਖੇ ਗਏ ਹਨ। ਔਰਤਾਂ ਲਈ ਮੁਫਤ ਬੱਸ ਯਾਤਰਾ ਪਹਿਲਾਂ ਵਾਂਗ ਹੀ ਜਾਰੀ ਰਹੇਗੀ, ਇਸ ਲਈ 450 ਕਰੋੜ ਰੁਪਏ ਰੱਖੇ ਗਏ ਹਨ।
ਉਹਨਾਂ ਕਿਹਾ ਕਿ ਸਾਰੀਆਂ ਆਈ.ਟੀ.ਆਈਜ਼ ਵਿੱਚ ਇੰਜੀਨੀਅਰਿੰਗ ਟਰੇਡ ਕੋਰਸਾਂ ਦੇ ਵਿਸਤਾਰ ਲਈ ਵੀ ਬਜਟ ਵਿੱਚ ਵਿਵਸਥਾ ਰੱਖੀ ਗਈ ਹੈ। ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ‘ਖੇਡਦਾ ਪੰਜਾਬ, ਵਧਦਾ ਪੰਜਾਬ’ ਸਕੀਮ ਤਹਿਤ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਬਜਟ ਵਿੱਚ 979 ਕਰੋੜ ਰੁਪਏ ਰੱਖੇ ਗਏ ਹਨ, ਜਿਸ ਤਹਿਤ 13 ਸਪੋਰਟਸ ਐਕਸੀਲੈਂਸ ਸੈਂਟਰਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ ਅਤੇ ਅੰਤਰਰਾਸ਼ਟਰੀ ਟੂਰਨਾਮੈਂਟ ਖੇਡਣ ਵਾਲੇ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਕਤ ਸਕੀਮ ਤਹਿਤ ਪੰਜਾਬ ਦੇ ਹਰ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾਣਗੇ, ਜਦਕਿ ਬਜਟ ਵਿੱਚ 3000 ਇਨਡੋਰ ਸਟੇਡੀਅਮ ਬਣਾਉਣ ਦਾ ਟੀਚਾ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 406 ਸਰਕਾਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਗਰੀਬਾਂ ਤੱਕ ਪਹੁੰਚ ਕਰਨ ਲਈ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕੀਤੀ ਗਈ ਹੈ, ਜਿਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨੂੰ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਜਨ ਸਿਹਤ ਨੂੰ ਬਿਹਤਰ ਬਣਾਉਣ ਲਈ ਬਜਟ ਵਿੱਚ 5598 ਕਰੋੜ ਰੁਪਏ ਰੱਖੇ ਗਏ ਹਨ, ਜਿਸ ਤਹਿਤ ਕੈਸ਼ਲੈੱਸ ਇਲਾਜ ਯੋਜਨਾ ਨੂੰ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ, 65 ਹਜ਼ਾਰ ਪਰਿਵਾਰਾਂ ਨੂੰ ਸਿਹਤ ਬੀਮਾ ਪਾਲਿਸੀ ਤਹਿਤ ਕਵਰ ਕੀਤਾ ਜਾਵੇਗਾ। ਬਠਿੰਡਾ ਨੂੰ ਈਐਸਆਈ ਹਸਪਤਾਲ ਦਿੱਤਾ ਗਿਆ ਹੈ, ਜਿਸ ਦਾ ਬਠਿੰਡਾ ਵਾਸੀਆਂ ਨੂੰ ਲਾਭ ਹੋਵੇਗਾ। ਮੇਅਰ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੀ ਵਾਰ ਨਸ਼ਾ ਜਨਗਣਨਾ ਕਰਵਾਏਗੀ, ਜਿਸ ਦੀ ਸ਼ੁਰੂਆਤ ਅਗਲੇ ਸਾਲ ਹੋਵੇਗੀ, ਜਦਕਿ ਨਸ਼ਾ ਛੁਡਾਉਣ ਲਈ 150 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੰਜਾਬ ਦੀਆਂ ਸਰਹੱਦਾਂ 'ਤੇ ਐਂਟੀ ਡਰੋਨ ਸਿਸਟਮ ਲਾਗੂ ਕਰਨ ਲਈ 110 ਕਰੋੜ ਰੁਪਏ ਰੱਖੇ ਗਏ ਹਨ, ਜਿਸ ਤਹਿਤ ਬੀ.ਐੱਸ.ਐੱਫ ਦੇ ਨਾਲ-ਨਾਲ ਪੰਜਾਬ ਹੋਮਗਾਰਡ ਦੇ 5000 ਜਵਾਨ ਤਾਇਨਾਤ ਕੀਤੇ ਜਾਣਗੇ।
ਉਹਨਾਂ ਕਿਹਾ ਕਿ 6 ਜ਼ਿਲ੍ਹਿਆਂ ਵਿੱਚ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਵਾਰਡ ਬਣਾਏ ਜਾਣਗੇ। ਖੇਤੀਬਾੜੀ ਸੈਕਟਰ ਲਈ 4524 ਕਰੋੜ ਰੁਪਏ ਰੱਖੇ ਗਏ ਹਨ, ਜਿਸ ਤਹਿਤ ਕਿਸਾਨਾਂ ਦੀ ਭਲਾਈ ਲਈ ਉਪਰਾਲੇ ਕੀਤੇ ਜਾਣਗੇ, ਪਰਾਲੀ ਪ੍ਰਬੰਧਨ ਲਈ 500 ਕਰੋੜ ਰੁਪਏ ਰੱਖੇ ਗਏ ਹਨ, ਜਦਕਿ ਬਠਿੰਡਾ, ਕਪੂਰਥਲਾ ਅਤੇ ਗੁਰਦਾਸਪੁਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਬਜਟ ਵਿੱਚ ਤਜਵੀਜ਼ ਵੀ ਰੱਖੀ ਹੈ। ਕਿਸਾਨਾਂ ਨੂੰ ਬਿਜਲੀ ਸਬਸਿਡੀ ਦੇਣ ਲਈ 9000 ਕਰੋੜ ਰੁਪਏ ਰੱਖੇ ਗਏ ਹਨ। ਮੱਕੀ ਦੀ ਫ਼ਸਲ ਲਈ ਕਿਸਾਨਾਂ ਨੂੰ 17500 ਰੁਪਏ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ। ਫਰਿਸ਼ਤੇ ਸਕੀਮ ਤਹਿਤ ਦੁਰਘਟਨਾ ਪੀੜਤਾਂ ਦੇ ਇਲਾਜ ਲਈ 10 ਕਰੋੜ ਰੁਪਏ ਰੱਖੇ ਗਏ ਹਨ, ਜਦੋਂ ਕਿ ਡਾਇਲ 112 ਨੂੰ ਮਜ਼ਬੂਤ ਕਰਨ ਲਈ ਡਾਇਲ 112 ਹੈੱਡ ਕੁਆਟਰ ਨੂੰ 53 ਕਰੋੜ ਰੁਪਏ ਦਿੱਤੇ ਜਾਣਗੇ ਅਤੇ ਐਮਰਜੈਂਸੀ ਰਿਸਪਾਂਸ ਵਹੀਕਲ ਤਹਿਤ 758 ਚਾਰ ਪਹੀਆ ਵਾਹਨ ਅਤੇ 916 ਦੋਪਹੀਆ ਵਾਹਨ ਖਰੀਦੇ ਜਾਣਗੇ, ਜਿਸ ਨਾਲ ਪੁਲਿਸ ਦਾ ਜਵਾਬੀ ਸਮਾਂ 8 ਮਿੰਟ ਘਟੇਗਾ।
ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤੀ ਨਿਗਮ ਤੋਂ ਲਿਆ ਗਿਆ ਕਰਜ਼ਾ ਵੀ ਮੁਆਫ਼ ਕਰ ਦਿੱਤਾ ਗਿਆ ਹੈ, ਜਿਸ ਦਾ 4650 ਲੋਕਾਂ ਨੂੰ ਲਾਭ ਹੋਵੇਗਾ। 300 ਯੂਨਿਟ ਮੁਫ਼ਤ ਬਿਜਲੀ ਸਕੀਮ ਵੀ ਜਾਰੀ ਰਹੇਗੀ, ਜਿਸ ਲਈ ਬਜਟ ਵਿੱਚ 7614 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ 250 ਕਰੋੜ ਰੁਪਏ ਰੱਖੇ ਗਏ ਹਨ। ਬਜਟ ਵਿੱਚ ਸਮਾਜਿਕ ਨਿਆਂ ਤੇ ਭਲਾਈ ਵਿਭਾਗ ਲਈ 4340 ਕਰੋੜ ਰੁਪਏ, ਸ਼ਹਿਰੀ ਵਿਕਾਸ ਲਈ 5983 ਕਰੋੜ ਰੁਪਏ, ਗ੍ਰਹਿ ਵਿਭਾਗ ਲਈ 11560 ਕਰੋੜ ਰੁਪਏ, ਜਲ ਪ੍ਰਬੰਧਨ ਲਈ 3246 ਕਰੋੜ ਰੁਪਏ, ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 204 ਕਰੋੜ ਰੁਪਏ, ਸਕੂਲਾਂ ਵਿੱਚ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਮੁਹੱਈਆ ਕਰਵਾਉਣ ਲਈ 75 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 579 ਕਰੋੜ ਰੁਪਏ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਭਗਵੰਤ ਮਾਨ ਸਰਕਾਰ ਅਤੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ, ਜਿਸ ਤਹਿਤ 6ਵੇਂ ਤਨਖਾਹ ਕਮਿਸ਼ਨ ਦੇ ਬਕਾਏ ਅਦਾ ਕਰਨ ਲਈ 14191 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ 585 ਕਰੋੜ ਰੁਪਏ ਰੱਖੇ ਗਏ ਹਨ। ਮੁੱਖ ਮੰਤਰੀ ਸਟਰੀਟ ਲਾਈਟ ਸਕੀਮ ਤਹਿਤ ਪੰਜਾਬ ਵਿੱਚ 2.5 ਲੱਖ ਸਟਰੀਟ ਲਾਈਟਾਂ ਲਗਾਉਣ ਦਾ ਪ੍ਰਸਤਾਵ ਵੀ ਬਜਟ ਵਿੱਚ ਪੇਸ਼ ਕੀਤਾ ਗਿਆ ਹੈ। ਜੇਲ੍ਹਾਂ ਵਿੱਚ ਏਆਈ ਕੈਮਰੇ ਲਗਾਏ ਜਾਣਗੇ। ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।