ਗੱਡੀਆਂ ਦੀ ਪੈੜ ਨੱਪਣ ਲਈ ਨਗਰ ਨਿਗਮ ਨੇ ਲਾਇਆ ਜੀਪੀਐਸ ਸਿਸਟਮ :ਮੇਅਰ ਪਦਮਜੀਤ ਸਿੰਘ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 27 ਮਾਰਚ 2025:ਅੱਜ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੂੰ ਮਿਲਣ ਲਈ ਉਨ੍ਹਾਂ ਦੇ ਨਗਰ ਨਿਗਮ ਦਫ਼ਤਰ ਵਿਖੇ ਦਿਨ ਭਰ ਆਮ ਲੋਕਾਂ ਦਾ ਮੇਲਾ ਲੱਗਿਆ ਰਿਹਾ। ਮੇਅਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕਰਵਾਇਆ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਉਕਤ ਕੰਮਾਂ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਅਜੇ ਅਰੋੜਾ, ਐਸ.ਈ ਸੰਦੀਪ ਗੁਪਤਾ, ਚੀਫ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ, ਐਕਸੀਅਨ ਨੀਰਜ ਕੁਮਾਰ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਐਸ.ਡੀ.ਓ ਵਿਕਰਮ ਮੌਜੂਦ ਸਨ। ਇਸ ਦੌਰਾਨ ਮੇਅਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਕਿ ਜਿਸ ਤਰਜ਼ 'ਤੇ ਐਨ.ਡੀ.ਐਮ.ਸੀ. ਵਿੱਚ ਸ਼ਿਕਾਇਤਾਂ ਦਰਜ ਹੁੰਦੀਆਂ ਹਨ, ਉਸੇ ਤਰਜ਼ 'ਤੇ ਨਗਰ ਨਿਗਮ ਨੂੰ ਵੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਐਪ ਜਾਂ ਵਧੀਆ ਸਿਸਟਮ ਸ਼ੁਰੂ ਕਰਨਾ ਚਾਹੀਦਾ ਹੈ।
ਕਰੀਬ ਡੇਢ ਘੰਟਾ ਚੱਲੀ ਇਸ ਮੀਟਿੰਗ ਵਿੱਚ ਮੇਅਰ ਨੇ ਅਧਿਕਾਰੀਆਂ ਦੇ ਸੁਝਾਅ ਵੀ ਲਏ ਅਤੇ ਆਪਣੇ ਸੁਝਾਅ ਵੀ ਦਿੱਤੇ, ਤਾਂ ਜੋ ਬਠਿੰਡਾ ਸ਼ਹਿਰ ਨੂੰ ਜਲਦੀ ਹੀ ਸਮੱਸਿਆਵਾਂ ਤੋਂ ਮੁਕਤ ਕੀਤਾ ਜਾ ਸਕੇ ਅਤੇ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਚੀਫ਼ ਸੈਨੇਟਰੀ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਕੂੜਾ ਇਕੱਠਾ ਕਰਨ ਸਬੰਧੀ ਆਉਂਦੀਆਂ ਮੁਸ਼ਕਲਾਂ ਦਾ ਅਗਲੇ ਇੱਕ-ਦੋ ਦਿਨਾਂ ਵਿੱਚ ਹੱਲ ਕੀਤਾ ਜਾਵੇ ਅਤੇ ਰੋਜ਼ਾਨਾ ਆਧਾਰ ’ਤੇ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਲਈ ਟਿੱਪਰਾਂ ਅਤੇ ਟਰਾਲੀਆਂ ਨੂੰ ਪਾਬੰਦ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਨਿਗਮ ਦੇ ਕੰਡਮ ਵਾਹਨਾਂ ਨੂੰ ਖਤਮ ਕਰਕੇ ਉਨ੍ਹਾਂ ਦੀ ਥਾਂ ’ਤੇ ਲੋੜੀਂਦੇ ਵਾਹਨ ਖਰੀਦੇ ਜਾਣ। ਮੇਅਰ ਸ਼੍ਰੀ ਮਹਿਤਾ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਠਿੰਡਾ ਸ਼ਹਿਰ ਵਿੱਚ ਲਗਾਈਆਂ ਜਾ ਰਹੀਆਂ ਰੇਹੜੀਆਂ 'ਤੇ ਹਰੇ ਅਤੇ ਨੀਲੇ ਰੰਗ ਦੇ ਡਸਟਬਿਨ ਰੱਖਣੇ ਯਕੀਨੀ ਬਣਾਏ ਜਾਣ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਜਾਵੇ ਕਿ ਸੁੱਕਾ ਅਤੇ ਗਿੱਲਾ ਕੂੜਾ ਉਕਤ ਡਸਟਬਿਨਾਂ ਵਿੱਚ ਹੀ ਪਾਉਣ, ਤਾਂ ਜੋ ਆਲੇ-ਦੁਆਲੇ ਦੀ ਸਫ਼ਾਈ ਰੱਖੀ ਜਾ ਸਕੇ।
ਉਨ੍ਹਾਂ ਕਿਹਾ ਕਿ ਜਲਦੀ ਹੀ ਨਗਰ ਨਿਗਮ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਅਤੇ ਹੱਲ ਕਰਨ ਲਈ ਐਨਡੀਐਮਸੀ ਦੀ ਤਰਜ਼ ’ਤੇ ਸੇਵਾਵਾਂ ਸ਼ੁਰੂ ਕਰੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਸਾਰੇ ਵਾਹਨਾਂ 'ਤੇ ਜੀ.ਪੀ.ਐਸ ਸਿਸਟਮ ਲਗਾਇਆ ਗਿਆ ਹੈ ਅਤੇ ਆਮ ਲੋਕ ਨਗਰ ਨਿਗਮ ਦੀ ਵੈੱਬਸਾਈਟ 'ਤੇ ਜਾ ਕੇ ਉਕਤ ਵਾਹਨਾਂ ਦੀ ਲੋਕੇਸ਼ਨ ਟਰੇਸ ਕਰ ਸਕਦੇ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਨਗਰ ਨਿਗਮ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾ ਕੇ ਬਠਿੰਡਾ ਨੂੰ ਸਾਫ਼ ਸੁਥਰਾ ਤੇ ਸੁੰਦਰ ਸ਼ਹਿਰ ਬਣਾਉਣ ਵਿੱਚ ਸਹਿਯੋਗ ਦੇਣ, ਤਾਂ ਜੋ ਬਠਿੰਡਾ ਦੇਸ਼ ਦਾ ਮਾਡਲ ਸ਼ਹਿਰ ਬਣ ਸਕੇ।