ਕਿਸਾਨ ਆਗੂ ਟਿਵਾਣਾ ਨੂੰ ਪਟਿਆਲਾ ਜੇਲ੍ਹ ਭੇਜਿਆ
- ਜਥੇਬੰਦੀ ਵੱਲੋਂ ਸਰਕਾਰੀ ਕਾਰਵਾਈ ਦੀ ਸਖਤ ਨਿਖੇਧੀ
ਮਲਕੀਤ ਸਿੰਘ ਮਲਕਪੁਰ
ਮਲਕਪੁਰ 27 ਮਾਰਚ 2025: ਲੰਘੀ 25 ਮਾਰਚ ਦੀ ਰਾਤ ਨੂੰ ਲਾਲੜੂ ਪੁਲਿਸ ਵੱਲੋਂ ਘਰੋਂ ਚੁੱਕੇ ਗਏ ਭਾਰਤੀ ਕਿਸਾਨ ਏਕਤਾ ਸਿੱਧੂਪਰ ਦੇ ਜ਼ਿਲ੍ਹਾ ਮੋਹਾਲੀ ਦੇ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਨੂੰ ਅੱਜ ਐਸਡੀਐਮ ਡੇਰਾਬੱਸੀ ਵੱਲੋਂ ਪਟਿਆਲਾ ਜੇਲ੍ਹ ਵਿਖੇ ਭੇਜ ਦਿੱਤਾ ਹੈ। ਕਿਸਾਨ ਆਗੂ ਨੂੰ ਘਰੋਂ ਚੁੱਕਣ ਦਾ ਦੋਸ਼ ਲਾਉਂਦਿਆਂ ਅੱਜ ਭਾਰਤੀ ਕਿਸਾਨ ਏਕਤਾ ਸਿੱਧੂਪੁਰ ਦੀ ਸਥਾਨਕ ਇਕਾਈ ਨੇ ਥਾਣਾ ਲਾਲੜੂ ਮੂਹਰੇ ਧਰਨਾ -ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂ ਪ੍ਰੇਮ ਰਾਣਾ ਤੇ ਗੁਰਚਰਨ ਸਿੰਘ ਜੌਲਾ ਦੀ ਅਗਵਾਈ ਵਿੱਚ ਇਕੱਤਰ ਹੋਏ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੂੰ ਦਬਾਉਣ ਦਾ ਦੋਸ਼ ਲਾਇਆ ਹੈ।
ਇਸ ਮੌਕੇ ਪ੍ਰੇਮ ਰਾਣਾ ਅਤੇ ਗੁਰਚਰਨ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਲਾਲੜੂ ਪੁਲਿਸ ਵੱਲੋਂ ਕੀਤੀ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ 26 ਮਾਰਚ ਨੂੰ ਉਨ੍ਹਾਂ ਨੂੰ ਸਥਾਨਕ ਪੁਲਿਸ ਵੱਲੋਂ ਜਸਵਿੰਦਰ ਸਿੰਘ ਟਿਵਾਣਾ ਬਾਰੇ ਕੋਈ ਅਤਾ -ਪਤਾ ਹੀ ਨਹੀਂ ਦਿੱਤਾ ਗਿਆ ਅਤੇ ਦੇਰ ਸ਼ਾਮ ਉਸ ਨੂੰ ਲੈਹਲੀ ਚੌਂਕੀ ਵਿੱਚ ਭੇਜ ਦਿੱਤਾ ਗਿਆ , ਜਿਥੋਂ ਅੱਜ ਜਸਵਿੰਦਰ ਸਿੰਘ ਟਿਵਾਣਾ ਨੂੰ ਸਥਾਨਕ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਪਟਿਆਲਾ ਜੇਲ ਭੇਜ ਦਿੱਤਾ ਹੈ , ਜਿਸ ਦਾ ਉਨ੍ਹਾਂ ਵੱਲੋਂ ਸਖਤ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕੀਮਤ ਉੱਤੇ ਜਸਵਿੰਦਰ ਸਿੰਘ ਦੀ ਜਮਾਨਤ ਨਹੀਂ ਕਰਵਾਉਣਗੇ ।
ਉਨ੍ਹਾਂ ਨੂੰ ਬਿਨਾ ਕਿਸੇ ਜ਼ਮਾਨਤ ਤੋਂ ਹੀ ਰਿਹਾਅ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਆਗੂ ਨੂੰ ਪਿੰਡ ਡੱਲੇਵਾਲ ਵਿਖੇ ਕੀਤੇ ਜਾ ਰਹੇ ਸੰਘਰਸ਼ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਗ੍ਰਿਫਤਾਰ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੀ ਬਹੁਤ ਹੀ ਘਿਣੋਨੀ ਹਰਕਤ ਹੈ, ਜਿਸ ਨੂੰ ਉਹ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਅੰਦੋਲਨ ਨੂੰ ਦਬਾਇਆ ਜਾ ਰਿਹਾ ਹੈ, ਜਿਸ ਨੂੰ ਉਹ ਕਿਸੇ ਵੀ ਕੀਮਤ ਉੱਤੇ ਦਬਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਉਹ ਉੱਚ ਆਗੂਆਂ ਨਾਲ ਗੱਲਬਾਤ ਕਰਕੇ ਭਵਿੱਖ ਵਿੱਚ ਪੰਜਾਬ ਸਰਕਾਰ ਵਿਰੁੱਧ ਵੱਡਾ ਸੰਘਰਸ਼ ਉਲੀਕਣਗੇ। ਇਸ ਸਬੰਧੀ ਸੰਪਰਕ ਕਰਨ 'ਤੇ ਥਾਣਾ ਲਾਲੜੂ ਮੁੱਖੀ ਅਕਾਸ਼ ਸ਼ਰਮਾ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਿਕ ਹੀ ਜਸਵਿੰਦਰ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ ਤਾਂ ਜੋ ਅਮਨ ਅਤੇ ਸਾਂਤੀ ਨੂੰ ਕਾਇਮ ਰੱਖਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਉਨ੍ਹਾ ਵੱਲੋਂ ਅੱਜ ਐਸਡੀਐਮ ਕੋਲ ਪੇਸ਼ ਕਰਕੇ ਪਟਿਆਲਾ ਜੇਲ ਭੇਜ ਦਿੱਤਾ ਹੈ।