ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰੇਕ ਨਾਗਰਿਕ ਨੂੰ ਸੰਕਲਪ ਲੈਣ ਦੀ ਲੋੜ - DC
ਦੀਦਾਰ ਗੁਰਨਾ
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਰਿਮਟ ਯੂਨੀਵਰਸਿਟੀ ਵਿਖੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ, 27 ਮਾਰਚ 2025 - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਮਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਹੋਵੇਗੀ ਅਤੇ ਇਸ ਮੁਹਿੰਮ ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢ ਕੇ ਸਿਹਤਮੰਦ ਜਿਦਗੀ ਜਿਊਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਜਾਗਰੁਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੂੰ ਯੋਗਦਾਨ ਦੇਣਾ ਚਾਹੀਦਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮਾਜਿਕ ਲਾਹਣਤ ਦੇ ਖਾਤਮੇ ਲਈ ਹਰੇਕ ਨਾਗਰਿਕ ਨੂੰ ਸੰਕਲਪ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਲੋਕ ਲਹਿਰ ਚਲਾਉਣੀ ਪਵੇਗੀ ਤਾਂ ਜੋ ਸਾਡੇ ਨੌਜਵਾਨ ਤੰਦਰੁਸਤ ਤੇ ਨਸ਼ਾ ਰਹਿਤ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਰੇ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦਾ ਤਿਆਗ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵਚਨਬੱਧਤਾ ਨਾਲ ਕਾਰਜ ਕਰ ਰਹੀ ਹੈ ਅਤੇ ਨਸ਼ਿਆਂ ਦਾ ਤਿਆਗ ਕਰਨ ਵਾਲਿਆਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਮੁਫਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੈ ਤਾਂ ਉਸ ਸਬੰਧੀ ਪੁਲਿਸ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਡਾ. ਪਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਸਕੂਲ ਆਫ਼ ਲੀਗਲ ਸਟੱਡੀਜ਼, ਰਿਮਟ ਯੂਨੀਵਰਸਿਟੀ ਅਤੇ ਸ਼੍ਰੀਮਤੀ ਮਨਜੀਤ ਕੌਰ, ਐਸਐਸਟੀ ਲੈਕਚਰ, ਪੀਐਮ ਸ਼੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਰਹਿੰਦ ਵੱਲੋਂ "ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ: ਕਾਰਨ, ਪ੍ਰਭਾਵ ਅਤੇ ਇਲਾਜ" 'ਤੇ ਲਿਖੀ ਗਈ ਇੱਕ ਕਿਤਾਬ ਵੀ ਜਾਰੀ ਕੀਤੀ ਗਈ।
ਜਾਗਰੂਕਤਾ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਵੀਆਂ ਸੰਥਿਕ ਦਵਾਈਆਂ ਦੇ ਨਤੀਜਿਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਾਟਕ ਅਤੇ ਵੀਡੀਓ ਦਸਤਾਵੇਜੀ ਪੇਸ਼ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਅਮਲੋਹ ਚੇਤਨ ਬੰਗੜ, ਸ਼੍ਰੀਮਤੀ ਸਲੋਨੀ ਬਾਂਸਲ, ਪ੍ਰੋ ਚਾਂਸਲਰ, ਡਾ. ਬੀ.ਐਸ. ਭਾਟੀਆ, ਪ੍ਰੋ ਵਾਈਸ ਚਾਂਸਲਰ, ਸ਼੍ਰੀ ਰਾਕੇਸ਼ ਮੋਹਨ, ਰਜਿਸਟਰਾਰ, ਡਾ. ਜੇ. ਮਿਸ਼ਰਾ, ਡੀਨ ਅਕਾਦਮਿਕ ਮਾਮਲੇ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਸ਼੍ਰੀ ਪਰਮਿੰਦਰ ਭਲਵਾਨ, ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ; ਗਵਰਨਰ ਅਵਾਰਡੀ, ਸ਼੍ਰੀ ਜਤਵਿੰਦਰ ਗਰੇਵਾਲ, ਵੀ ਸ਼ਾਮਲ ਸਨ।