ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ
ਸੂਬਾ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਚੱਕਲਾਂ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਕੀਤੀ ਸ਼ਿਰਕਤ
ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ
ਸ੍ਰੀ ਚਮਕੌਰ ਸਾਹਿਬ, 29 ਮਾਰਚ: ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਅੰਦਰ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀਆਂ) ਕਰਵਾਈਆਂ ਗਈਆਂ ਜਿਸ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਚੱਕਲਾਂ ਵਿਖੇ ਮੈਗਾ ਪੀ.ਟੀ.ਐਮ. ਦੌਰਾਨ ਬੱਚਿਆਂ ਦੇ ਮਾਪਿਆਂ ਨਾਲ ਮੁਲਾਕਾਤ ਕਰਦਿਆਂ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੇ ਸਰਕਾਰੀ ਸਕੂਲਾਂ ਅੰਦਰ ਦਿੱਤੀ ਜਾ ਰਹੀ ਸਿੱਖਿਆ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤੇ ਇਤਿਹਾਸਕ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦੀ ਮਾਪਿਆਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਦੇ ਉਸਾਰੂ ਫ਼ੈਸਲਿਆਂ ਸਦਕਾ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਨਜ਼ਰੀਏ ਵਿੱਚ ਫ਼ਰਕ ਪੈ ਰਿਹਾ ਹੈ। ਹੁਣ ਲੋਕ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਿੱਚ ਰੱਖਣ ਅਤੇ ਬੱਚਿਆਂ ਦੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਵਿੱਚ ਦਾਖ਼ਲਾ ਲੈਣ ਨਾਲ ਅਧਿਆਪਕਾਂ ਨੂੰ ਵੀ ਹੌਸਲਾ ਮਿਲਿਆ ਹੈ ਅਤੇ ਉਹ ਉਤਸ਼ਾਹ ਨਾਲ ਕਾਰਜ ਕਰ ਰਹੇ ਹਨ।