ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
- ਪੰਜਾਬ ਸਰਕਾਰ ਵੱਲੋਂ ਨਬੀਪੁਰ ਕੱਟ ਡਰੇਨ ਦੇ ਪ੍ਰੋਜੈਕਟ ਉੱਪਰ 7.18 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ - ਕੈਬਨਿਟ ਮੰਤਰੀ
ਰੋਹਿਤ ਗੁਪਤਾ
ਗੁਰਦਾਸਪੁਰ, 29 ਮਾਰਚ 2025 - ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਅਤੇ ਆਗੂ ਹਾਜ਼ਰ ਸਨ।
ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ 1960 ਵਿੱਚ ਬਣੀ ਇਹ ਨਬੀਪੁਰ ਡਰੇਨ ਦਾ 3.50 ਕਿੱਲੋਮੀਟਰ ਹਿੱਸਾ ਗੁਰਦਾਸਪੁਰ ਸ਼ਹਿਰ ਵਿੱਚ ਪੈਂਦਾ ਹੈ ਅਤੇ ਇਹ ਡਰੇਨ ਕੱਚੀ ਹੋਣ ਕਾਰਨ ਜਿੱਥੇ ਬਰਸਾਤੀ ਸੀਜ਼ਨ ਵਿੱਚ ਕਈ ਵਾਰ ਸ਼ਹਿਰ ਵਾਸੀਆਂ ਨੂੰ ਇਸਦੇ ਪਾਣੀ ਦੀ ਮਾਰ ਝੱਲਣੀ ਪੈਂਦੀ ਸੀ ਓਥੇ ਡਰੇਨ ਕੱਚੀ ਹੋਣ ਕਾਰਨ ਆਸ-ਪਾਸ ਦੇ ਇਲਾਕੇ ਦਾ ਜ਼ਮੀਨ ਹੇਠਲਾ ਪਾਣੀ ਵੀ ਦੂਸ਼ਿਤ ਹੋ ਰਿਹਾ ਸੀ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ 7.18 ਕਰੋੜ ਰੁਪਏ ਦੀ ਲਾਗਤ ਨਾਲ ਨਬੀਪੁਰ ਕੱਟ ਡਰੇਨ ਦੇ ਗੁਰਦਾਸਪੁਰ ਸ਼ਹਿਰ ਵਿਚਲੇ ਹਿੱਸੇ ਨੂੰ ਪੱਕਿਆਂ ਕੀਤਾ ਜਾਵੇਗਾ ਅਤੇ ਡਰੇਨ ਦੇ ਦੋਵੇਂ ਪਾਸੇ ਤਿੰਨ-ਤਿੰਨ ਫੁੱਟ ਰਸਤਾ ਵੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਡਰੇਨ ਦੇ ਕਿਨਾਰਿਆਂ `ਤੇ ਕਰੈਸ਼ ਬੈਰੀਅਰ ਲਗਾਉਣ ਤੋਂ ਇਲਾਵਾ ਇਸ ਦੀ ਬਿਊਟੀਫਿਕੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਡਰੇਨ ਪੱਕੀ ਹੋਣ ਨਾਲ ਜਿੱਥੇ ਇਸਦੇ ਓਵਰ ਫਲੋਅ ਹੋਣ ਉੱਪਰ ਰੋਕ ਲੱਗੇਗੀ, ਓਥੇ ਨਾਲ ਹੀ ਜ਼ਮੀਨ ਵਿੱਚ ਇਸ ਦਾ ਗੰਦਾ ਪਾਣੀ ਵੀ ਨਹੀਂ ਜ਼ੀਰੇਗਾ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਇਸ ਪ੍ਰੋਜੈਕਟ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਚੇਅਰਮੈਨ ਰਮਨ ਬਹਿਲ ਦੀ ਮੰਗ ਉੱਪਰ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦਾ ਪ੍ਰੋਜੈਕਟ ਨੂੰ ਚਾਰ ਕਿੱਲੋਮੀਟਰ ਹੋਰ ਵਧਾ ਕੇ ਪਿੰਡ ਖੋਖਰ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜਲ ਸਰੋਤ ਵਿਭਾਗ ਵੱਲੋਂ ਕਿਰਨ/ਸ਼ੱਕੀ ਨਾਲੇ ਦੀ ਸਫ਼ਾਈ ਕਰਨ ਦੇ ਨਾਲ ਇਸ ਦੀ ਰੀਲਾਈਨਿੰਗ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ੱਕੀ ਨਾਲੇ ਦੇ ਰੀਲਾਈਨਿੰਗ ਪ੍ਰੋਜੈਕਟ ਸਬੰਧੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ।
ਇਸ ਤੋਂ ਬਾਅਦ ਗੁਰਦਾਸਪੁਰ ਵਿਖੇ ਇੱਕ ਵਿਸ਼ਾਲ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਮੁਫ਼ਤ ਬਿਜਲੀ ਸਹੂਲਤ ਹੋਵੇ ਜਾਂ ਸਿਹਤ ਤੇ ਸਿੱਖਿਆ ਕ੍ਰਾਂਤੀ ਹੋਵੇ ਮਾਨ ਸਰਕਾਰ ਨੇ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਹਿਰੀ ਢਾਂਚੇ ਵਿੱਚ ਵੱਡਾ ਸੁਧਾਰ ਲਿਆਉਂਦਿਆਂ ਦਹਾਕਿਆਂ ਬਾਅਦ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇਸ ਬਜਟ ਵਿੱਚ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਲਈ ਵਿਸ਼ੇਸ਼ ਫ਼ੰਡ ਰੱਖਿਆ ਹੈ ਜਿਸ ਨਾਲ ਟੋਭਿਆਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੀ ਉਮੀਦਾਂ ਉੱਪਰ ਪੂਰੀ ਤਰ੍ਹਾਂ ਖਰੀ ਉੱਤਰ ਰਹੀ ਹੈ ਅਤੇ ਸੂਬਾ ਵਾਸੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।
ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਕੇ ਮਾਨ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਰੇਨ ਕੱਚੀ ਹੋਣ ਕਾਰਨ ਇਸਦੇ ਆਸ-ਪਾਸ ਦੀਆਂ ਕਲੋਨੀਆਂ ਦੇ ਵਾਸੀ ਨਰਕ ਦੀ ਜ਼ਿੰਦਗੀ ਬਤੀਤ ਕਰ ਰਹੇ ਸਨ, ਜਿਨ੍ਹਾਂ ਨੂੰ ਹੁਣ ਰਾਹਤ ਮਿਲੀ ਹੈ। ਉਨ੍ਹਾਂ ਨੇ ਨਬੀਪੁਰ ਡਰੇਨ ਨੂੰ ਪੱਕੀ ਕਰਨ ਦੇ ਪ੍ਰੋਜੈਕਟ ਨੂੰ 4 ਕਿੱਲੋਮੀਟਰ ਹੋਰ ਵਧਾਉਣ ਲਈ ਵੀ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਉੱਪਰ ਵੀ ਚਾਨਣਾ ਪਾਇਆ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਅੰਦਰ ਵੱਡੇ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ ਸਕੂਲ ਆਫ਼ ਐਮੀਂਨੇਸ਼ਨ ਬਣਾਏ ਗਏ ਹਨ ਅਤੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਰਾਹੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਵਿੱਚ ਸੂਬਾ ਵਾਸੀਆਂ ਨੂੰ ਵੱਧ ਚੜ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।
ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਉਪਰੰਤ ਗੁਰਦਾਸਪੁਰ ਦੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਿਟ ਕਮੇਟੀ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸ੍ਰੀ ਕੇਸ਼ਵ ਬਹਿਲ, ਧਰੁਵ ਬਹਿਲ, ਸੁੱਚਾ ਸਿੰਘ ਮੁਲਤਾਨੀ, ਹਿਤੇਸ਼ ਮਹਾਜਨ, ਹਰਦੀਪ ਸਿੰਘ ਬੇਦੀ, ਸਾਬਕਾ ਚੇਅਰਮੈਨ ਨੀਰਜ ਸਲਹੋਤਰਾ, ਬਲਜਿੰਦਰ ਸਿੰਘ ਗਿੱਲ, ਗੁਰਜੀਵ ਸਿੰਘ ਸਰਪੰਚ ਬੱਬਰੀ, ਰਣਜੀਤ ਸਿੰਘ ਬਲਾਕ ਪ੍ਰਧਾਨ, ਤਲਵਿੰਦਰ ਸਿੰਘ, ਸੁਖਵੰਤ ਰਾਜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।