ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ "ਮਾਪੇ ਅਧਿਆਪਕ ਮਿਲਣੀਆਂ" ਸਰਕਾਰ ਦਾ ਵਿਸ਼ੇਸ਼ ਉਪਰਾਲਾ - ਸਿੱਖਿਆ ਅਧਿਕਾਰੀ
- ਮਿਲਣੀਆਂ ਦਾ ਮੰਤਵ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ
- ਮਿਲਣੀਆਂ ਦੌਰਾਨ ਹੋਈ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਹਾਂ ਪੱਖੀ ਚਰਚਾ
ਮੋਗਾ 29 ਮਾਰਚ 2025 - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ‘ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਮਿਲਣੀਆਂ ਦਾ ਮੰਤਵ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ ਹੈ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਹਾਂ ਪੱਖੀ ਚਰਚਾ ਕਰਨਾ ਹੈ।
ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਾਂਗੂੰ ਜ਼ਿਲ੍ਹਾ ਮੋਗਾ ਦੇ ਸਮੂਹ ਪ੍ਰਾਇਮਰੀ , ਮਿਡਲ ,ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਅਤੇ ਗ੍ਰੈਜੂਏਸ਼ਨ ਸੈਰੇਮਨੀ ਦਾ ਵਿਸ਼ਾਲ ਪੱਧਰ ‘ਤੇ ਆਯੋਜਨ ਕੀਤਾ ਗਿਆ। ਇਸ ਮੌਕੇ ‘ਨਰਸਰੀ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ’ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਪੱਤਵੰਤਿਆਂ, ਨੁਮਾਇੰਦਿਆਂ ਅਤੇ ਵਿਭਾਗੀ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮਹੱਤਵਪੂਰਨ ਦਿਨ ਮੌਕੇ ਮੋਗਾ ਜ਼ਿਲ੍ਹੇ ਵਿੱਚ ਸਿੱਖਿਆ ਅਫ਼ਸਰ ਮੰਜੂ ਭਾਰਤਵਾਜ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀ ਅਸ਼ੀਸ਼ ਕੁਮਾਰ ਸੈਕੰਡਰੀ ਸਿੱਖਿਆ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਨਿਸ਼ਾਨ ਸਿੰਘ ਐਲੀਮੈਂਟਰੀ ਸਿੱਖਿਆ , ਉੱਪ ਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ, ਅਤੇ ਬੀ ਐਨ ਓਜ , ਬੀਪੀਈਓ ਅਤੇ ਹੋਰ ਆਲਾ ਦਰਜੇ ਦੇ ਸਿੱਖਿਆ ਅਧਿਕਾਰੀਆਂ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ।
ਸਕੂਲਾਂ ਵਿੱਚ ਆਧੁਨਿਕ ਦ੍ਰਿਸ਼ਟੀਕੋਣ ਤੋਂ ਪ੍ਰਚਲਿਤ ਸਹੂਲਤਾਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਅਧਿਕਾਰੀਆਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਮਹੱਤਤਾ ਉਤੇ ਵਿਸ਼ੇਸ਼ ਤੌਰ ‘ਤੇ ਉਤਸ਼ਾਹਿਤ ਕੀਤਾ।
ਇਸ ਮੌਕੇ, ਸਕੂਲਾਂ ਵਿੱਚ ਮੋਹਰੀ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ, ਜਿਸ ਵਿੱਚ ਇਲਾਕੇ ਦੇ ਸਿੱਖਿਆ ਪ੍ਰੇਮੀਆਂ, ਰਿਟਾਇਰਡ ਅਧਿਆਪਕਾਂ , ਸਰਕਾਰ ਦੇ ਚੁਣੇ ਹੋਏ ਨੁਮਾਇੰਦੇ, ਪੱਤਵੰਤਿਆਂ ਅਤੇ ਵਿਦੇਸ਼ ਵਸਦੇ ਭਾਰਤੀ (ਐਨਆਰਆਈ) ਸਮਾਜ ਨੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮੁਲਾਂਕਨ, ਉਨ੍ਹਾਂ ਦੀ ਹਾਜ਼ਰੀ ਅਤੇ ਸਰਕਾਰੀ ਨੀਤੀਆਂ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਨਾਲ ਹੀ, ਭਵਿੱਖ ਵਿੱਚ ਸਿੱਖਿਆ ਵਿਭਾਗ ਵੱਲੋਂ ਲਾਗੂ ਕੀਤੀਆਂ ਜਾਣ ਵਾਲੀਆਂ ਨਵੀਆਂ ਨੀਤੀਆਂ ਅਤੇ ਸੁਧਾਰ ਪ੍ਰਯਾਸਾਂ ਬਾਰੇ ਵੀ ਚਰਚਾ ਕੀਤੀ ਗਈ।
ਇਹ ਸਮਾਗਮ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਇਕ ਨਵਾਂ ਉਤਸ਼ਾਹ ਪੈਦਾ ਕਰਨ ਵਿੱਚ ਸਫਲ ਰਿਹਾ। ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਵਿਆਖਿਆ ਕੀਤੀ ਗਈ।