ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਮੈਗਾ ਪੇਰੈਂਟਸ ਟੀਚਰ ਮੀਟਿੰਗ ‘ਚ ਸ਼ਿਰਕਤ ਕੀਤੀ
- ਹੁਣ ਆਮ ਲੋਕਾਂ ਦੀ ਪਹਿਲੀ ਪਸੰਦ ਬਣ ਰਿਹਾ ਸਰਕਾਰੀ ਸਕੂਲ: ਐਡਵੋਕੇਟ ਦਿਨੇਸ਼ ਚੱਢਾ
ਰੂਪਨਗਰ, 29 ਮਾਰਚ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਮਿਆਰ ਬਦਲਣ ਲਈ ਯਤਨਸ਼ੀਲ ਹੈ, ਇਨ੍ਹਾਂ ਉਪਰਾਲਿਆਂ ਤਹਿਤ ਹੀ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਸੁਧਾਰ ਕੀਤੇ ਜਾ ਰਹੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰੂਪਨਗਰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੈਗਾ ਪੀ.ਟੀ.ਐਮ. (ਪੇਰੈਂਟਸ ਟੀਚਰ ਮੀਟਿੰਗ) ਦੌਰਾਨ ਸ਼ਿਰਕਤ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਮੁਲਾਕਾਤਾਂ ਕੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਬਦਲਾਅ ਬਾਰੇ ਦੱਸਿਆ ਕਿ ਕਿਵੇਂ ਹੁਣ ਆਮ ਲੋਕਾਂ ਦੀ ਪਹਿਲੀ ਪਸੰਦ ਸਰਕਾਰੀ ਸਕੂਲ ਬਣਦੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਬੱਚਿਆਂ ਦੀ ਪੜ੍ਹਾਈ ਨੂੰ ਬਿਹਤਰ ਬਣਾਉਣ ਤੇ ਉਨ੍ਹਾਂ ਦੇ ਸਰਵ-ਪੱਖੀ ਵਿਕਾਸ ਲਈ ਮਾਪੇ-ਅਧਿਆਪਕ ਮਿਲਣੀ ਦਾ ਵਧੇਰੇ ਯੋਗਦਾਨ ਹੈ। ਬੱਚੇ ਦੇ ਚਾਲੂ ਵਿੱਦਿਅਕ ਸੈਸ਼ਨ ਤੇ ਸਾਲ ਦੀ ਪੜ੍ਹਾਈ ਦੇ ਵੱਖ-ਵੱਖ ਪੱਧਰਾਂ ਦੀ ਕਾਰਗੁਜ਼ਾਰੀ ਨੂੰ ਜਾਚਣ ਲਈ ਜਦੋਂ ਮਾਪੇ ਅਤੇ ਅਧਿਆਪਕ ਆਪਸ ’ਚ ਜੁੜ ਬੈਠਦੇ ਹਨ ਤਾਂ ਇਸ ਨੂੰ ਮਾਪੇ-ਅਧਿਆਪਕ ਮਿਲਣੀ ਦਾ ਨਾਂ ਦਿੱਤਾ ਜਾਂਦਾ ਹੈ।
ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋ ਕਈ ਗੁਣਾ ਵੱਧ ਸਮਰਥਾ ਵਾਲੇ ਬਣ ਗਏ ਹਨ, ਸਰਕਾਰੀ ਸਕੂਲਾਂ ਵਿੱਚ ਚੰਗੇ, ਕਾਬਿਲ ਅਤੇ ਪੜ੍ਹੇ ਲਿਖੇ ਟੀਚਰ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਸਰਕਾਰ, ਪਿੰਡ ਵਾਸੀਆਂ ਅਤੇ ਟੀਚਰਾਂ ਦੇ ਉਦਮ ਸਦਕਾ ਹੁਣ ਪਿੰਡਾਂ ਵਿੱਚ ਸਕੂਲਾਂ ਦੀ ਨੋਹਾਰ ਬਦਲ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਸਾਲਾਨਾ ਬਜਟ ਵਿਚ ਕਰੋੜਾਂ ਰੁਪਏ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਖੇਤਰ ਨੂੰ ਆਧੁਨਿਕ ਅਤੇ ਨਵੀਨੀਕਰਨ ਲਈ ਰੱਖ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਦੀ ਜਗ੍ਹਾ ਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣੇ ਚਾਹੀਦੇ ਹਨ ਤਾਂ ਜੋ ਖਰਚੇ ਦੀ ਬਚਤ ਦੇ ਨਾਲ ਨਾਲ ਬੱਚਿਆਂ ਨੂੰ ਵਧੀਆਂ ਅਤੇ ਮਿਆਰੀ ਵਿੱਦਿਆ ਪ੍ਰਦਾਨ ਕਰਵਾਈ ਜਾ ਸਕੇ।