ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਵਿੱਚ 14 ਥਾਵਾਂ ਤੇ ਕੋਰਡਨ ਐਂਡ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ
ਦੀਦਾਰ ਗੁਰਨਾ
* ਤਲਾਸ਼ੀ ਦੌਰਾਨ 13 ਸ਼ੱਕੀ ਵਿਅਕਤੀ ਕਾਬੂ 45 ਹਜ਼ਾਰ 500 ਰੁਪਏ ਦੀ ਡਰੱਗ ਮਨੀ ਤੇ ਨਸ਼ੀਲੇ ਪਦਾਰਥ ਕੀਤੇ ਬਰਾਮਦ-ਸੁਭਮ ਅਗਰਵਾਲ
ਫ਼ਤਹਿਗੜ੍ਹ ਸਾਹਿਬ, 29 ਮਾਰਚ 2025 - ਜ਼ਿਲ੍ਹਾ ਫਤਿਹਗੜ੍ਹ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਅਤੇ ਬਸੀ ਪਠਾਣਾ ਸਬ ਡਿਵੀਜ਼ਨ ਦੇ ਪਿੰਡ ਦੁਫੇੜਾ ਸਮੇਤ 14 ਥਾਵਾਂ ‘ਤੇ ਵਿਸ਼ਾਲ ਕੋਰਡਨ ਐਂਡ ਸਰਚ ਓਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਤਲਾਸ਼ੀ ਅਭਿਆਨ ਵਿੱਚ ਪੁਲਿਸ ਨੇ 13 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਅਤੇ 45 ਹਜਾਰ 500 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੇ ਨਾਲ ਨਾਲ 2978 ਨਸ਼ੀਲੀਆਂ ਗੋਲੀਆਂ, 04 ਗ੍ਰਾਮ ਹੈਰੋਇਨ, 48 ਨਸ਼ੀਲੇ ਟੀਕੇ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲੇ ਵਿੱਚ 14 ਥਾਵਾਂ ਤੇ ਕਾਸੋ ਅਭਿਆਨ ਚਲਾਇਆ ਗਿਆ ਹੈ। ਉਹਨਾਂ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਵਿੱਚ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਜਮੀਨੀ ਪੱਧਰ ਤੇ ਸਫਲ ਬਣਾਇਆ ਜਾ ਸਕੇ।
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜ ਵਸੇਬਾ ਕੇਂਦਰ ਚਲ ਰਹੇ ਹਨ।
ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਐਸ ਪੀ ਡੀ ਰਕੇਸ਼ ਯਾਦਵ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।