"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜੇ : ਏਡੀਜੀਪੀ ਜਤਿੰਦਰ ਜੈਨ
ਅਸ਼ੋਕ ਵਰਮਾ
ਬਠਿੰਡਾ, 29 ਮਾਰਚ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਸਪੈਸ਼ਲ ਡੀਜੀਪੀ ਪੀਐਸਪੀਸੀਐਲ ਸ੍ਰੀ ਜਤਿੰਦਰ ਜੈਨ ਨੇ ਜ਼ਿਲ੍ਹੇ ਅੰਦਰ ਚਲਾਏ ਗਏ ਸਰਚ ਅਭਿਆਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਹੈ ਇਸ ਮੌਕੇ ਸਪੈਸ਼ਲ ਡੀਜੀਪੀ ਸ਼੍ਰੀ ਜਤਿੰਦਰ ਜੈਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਹੋਟ ਸਪੋਟ ਥਾਵਾਂ 'ਤੇ ਸਪੈਸ਼ਲ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ 'ਤੇ ਕਾਨੂੰਨ ਦੇ ਦਾਇਰੇ ਚ ਰਹਿ ਕੇ ਸਾਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਇਹ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਨਸ਼ਿਆਂ 'ਤੇ ਕਾਬੂ ਪਾਇਆ ਜਾ ਸਕੇ।
ਇਸ ਮੌਕੇ ਸਪੈਸ਼ਲ ਡੀ.ਜੀ.ਪੀ ਸ੍ਰੀ ਜਤਿੰਦਰ ਜੈਨ ਨੇ ਦੱਸਿਆ ਕਿ ਅੱਜ ਚਲਾਏ ਗਏ ਸਰਚ ਅਭਿਆਨ ਦੌਰਾਨ 84 ਗ੍ਰਾਮ ਹੈਰੋਇਨ, 3 ਕਿਲੋ ਭੁੱਕੀ, 200 ਗ੍ਰਾਮ ਗਾਂਜਾ, 400 ਸਿਗਨੇਚਰ ਕੈਪਸੂਲ ਅਤੇ 7200 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਤੋਂ ਇਲਾਵਾ 18 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ ਅਤੇ ਕੁੱਲ 12 ਮੁਕਦਮੇ ਦਰਜ ਕੀਤੇ ਗਏ ਹਨ ਜਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 11 ਅਤੇ ਭਾਰਤੀ ਨਿਆ ਸੰਘਤਾ ਤਹਿਤ ਇੱਕ ਮੁਕਦਮਾ ਦਰਜ ਕੀਤਾ ਗਿਆ ਹੈ।
ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਗਿੱਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਬਲਿਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਸ਼ਨਾਖਤ ਕਰਦਿਆਂ ਲਗਾਤਾਰ ਉਨ੍ਹਾਂ ਥਾਵਾਂ 'ਤੇ ਅਚਨਚੇਤ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਮੁਕਤ ਸਮਾਜ ਇਕੱਲੀ ਪੁਲਿਸ ਹੀ ਨਹੀਂ ਸਗੋਂ ਸਮਾਜ, ਸੁਸਾਇਟੀ ਅਤੇ ਲੋਕਾਂ ਦੇ ਸਾਥ ਨਾਲ ਹੀ ਕੀਤਾ ਜਾ ਸਕਦਾ ਹੈ।
ਇਸ ਮੌਕੇ ਉਨਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਪੰਜਾਬ ਸਰਕਾਰ ਵਲੋਂ ਸੈਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਵਟਸਐਪ ਚੈਟਬਾਟ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ ’ਤੇ ਜਦੋਂ ਵੀ ਨਸ਼ਿਆਂ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਂਦਾ ਹੈ।