MLA ਮਾਸਟਰ ਜਗਸੀਰ ਸਿੰਘ ਨੇ ਚੱਕ ਫਤਿਹ ਸਿੰਘ ਵਾਲਾ ਦੇ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਵਿੱਚ ਸਰਟੀਫਿਕੇਟ ਵੰਡੇ
ਅਸ਼ੋਕ ਵਰਮਾ
ਬਠਿੰਡਾ, 29 ਮਾਰਚ 2025: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਅਤੇ ਕ੍ਰਾਂਤੀਕਾਰੀ ਪਹਿਲਕਦਮੀ ਕਰ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਅਧੀਨ ਪੈਂਦੇ ਚੱਕ ਫਤਿਹ ਸਿੰਘ ਵਾਲਾ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਵਿੱਚ ਮੈਗਾ ਪੀਟੀਐਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।ਇਸ ਦੌਰਾਨ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਜਾਗਰੂਕਤਾ ਵੈਨਾ ਵੀ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਸ਼ੁਰੂ ਹੋਣ ਵਾਲੇ ਵਿਦਿਅਕ ਸੈਸ਼ਨ ਵਿੱਚ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਸਕਣ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।

ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਜਿੱਥੇ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਉਥੇ ਹੀ ਉਹਨਾਂ ਵਿਦਿਆਰਥੀਆਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।
ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਕਦੇ ਸਮਾਂ ਹੁੰਦਾ ਸੀ ਕਿ ਸਰਕਾਰੀ ਸਕੂਲਾਂ ਬਾਰੇ ਨਾਂਹਪੱਖੀ ਹੀ ਸੁਣਨ ਨੂੰ ਮਿਲਦਾ ਸੀ ਪਰ ਅੱਜ ਹਾਲਾਤ ਬਦਲ ਗਏ ਹਨ, ਸਰਕਾਰੀ ਸਕੂਲ ਅਕਾਦਮਿਕ ਖੇਤਰ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਖਸ਼ੀਅਤ ਉਸਾਰੀ ਅਤੇ ਖੇਡਾਂ 'ਚ ਵੀ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਚਨਬੱਧਤਾ ਹੈ ਕਿ ਅਗਲੇ ਦੋ ਸਾਲਾਂ 'ਚ ਪਿਛਲੇ ਤਿੰਨ ਸਾਲਾਂ ਨਾਲੋਂ ਵੀ ਸਿਖਿਆ ਸੁਧਾਰਾਂ 'ਚ ਹੋਰ ਬਹੁਤ ਕੰਮ ਕੀਤੇ ਜਾਣਗੇ।
ਇਸ ਤੋਂ ਇਲਾਵਾ ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ ਦੇ ਪਿਤਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਾਈਸਰਖਾਨਾ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਮਨਿੰਦਰ ਕੌਰ ਨੇ ਜ਼ਿਲ੍ਹੇ ਦੇ ਪਿੰਡ ਗਹਿਰੀ ਦੇਵੀ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਮਹਿੰਦਰ ਪਾਲ ਸਿੰਘ ਨੇ ਸਥਾਨਕ ਹਾਜੀਰਤਨ ਦੇ ਪ੍ਰਾਇਮਰੀ ਸਕੂਲ ਤੋਂ ਇਲਾਵਾ ਪਿੰਡ ਢਪਾਲੀ ਦੇ ਪ੍ਰਾਇਮਰੀ ਸਕੂਲ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਬੱਚਿਆਂ ਦੀ ਹੌਸਲਾ-ਅਫਜਾਈ ਕੀਤੀ ਅਤੇ ਉਨਾਂ ਦੇ ਮਾਪਿਆਂ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਬੱਚਿਆਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਮਨਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਗਾ ਪੀਟੀਐਮ ਦੌਰਾਨ ਵਿਦਿਆਰਥੀਆਂ ਦੇ ਨਤੀਜੇ ਘੋਸ਼ਿਤ ਕੀਤੇ ਹਨ ਇਸ ਤੋਂ ਇਲਾਵਾ ਪ੍ਰੀ ਪ੍ਰਾਇਮਰੀ ਕਲਾਸ ਗਰੈਜੂਏਸ਼ਨ ਸੈਰੇਮਨੀ ਦੌਰਾਨ ਬੱਚਿਆਂ ਦੇ ਨਤੀਜੇ ਘੋਸ਼ਿਤ ਕੀਤੇ ਹਨ।
ਇਸ ਮੌਕੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਵਸਨੀਕ ਅਤੇ ਸਕੂਲੀ ਸਟਾਫ ਤੇ ਵਿਦਿਆਰਥੀ ਆਦਿ ਹਾਜ਼ਰ ਸਨ।