ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਸਿੱਖਿਆ ਦੇ ਮਿਆਰ ’ਚ ਵੱਡਾ ਬਦਲਾਅ ਆਇਆ: ਰਮਨ ਅਰੋੜਾ
- ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ ਅਤੇ ਨਹਿਰੂ ਗਾਰਡਨ ਸਕੂਲ 'ਚ ਮੈਗਾ ਮਾਪੇ-ਅਧਿਆਪਕ ਮਿਲਣੀਆਂ ’ਚ ਕੀਤੀ ਸ਼ਿਰਕਤ
ਜਲੰਧਰ, 29 ਮਾਰਚ 2025: ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਇਥੇ ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਤੋਂ ਸਿੱਖਿਆ ਦੇ ਖੇਤਰ ਨੂੰ ਪਹਿਲੀ ਤਰਜੀਹ ਦਿੰਦਿਆਂ ਸੂਬੇ ਸਰਕਾਰੀ ਸਕੂਲਾਂ ਨੂੰ ਨਮੂਨੇ ਦਾ ਬਣਾਉਣ ਲਈ ਅਹਿਮ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਿਆ ਹੈ।
ਸ਼੍ਰੀ ਅਰੋੜਾ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਅਧਿਆਪਕਾਂ ਤੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਖਾਸ ਕਰ ਪੜ੍ਹਾਈ ਸਬੰਧੀ ਗੱਲਬਾਤ ਲਈ ਬਿਹਤਰੀਨ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਰਾਹੀਂ ਜਿਥੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਨੇੜਿਓਂ ਜਾਨਣ ਦਾ ਮੌਕਾ ਮਿਲਦਾ ਹੈ ਉਥੇ ਹੀ ਸਕੂਲਾਂ ਨੂੰ ਹੋਰ ਬਿਹਤਰ ਕਰਨ ਲਈ ਉਹ ਆਪਣੇ ਕੀਮਤੀ ਸੁਝਾਅ ਵੀ ਦੇ ਸਕਦੇ ਹਨ।
ਇਸ ਮੌਕੇ ਸਕੂਲ ਦੇ ਅਧਿਆਪਕਾਂ ਤੋਂ ਇਲਾਵਾ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਸਨ।