ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ
- ਪਿੰਡ ਪਾਸਲਾ ਵਿਖੇ ਨਸ਼ਾ ਤਸਕਰ ਵਲੋਂ ਕੀਤੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ
- ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜਾਰੀ ਰਹੇਗੀ ਸਖ਼ਤ ਕਾਰਵਾਈ : ਐਸ.ਐਸ.ਪੀ.
- ਕਿਹਾ, ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਰੀ ਕੀਤੇ ਵਟਸਐਪ ਨੰਬਰ 9779-100-200 'ਤੇ ਨਸ਼ਿਆਂ ਸਬੰਧੀ ਦਿੱਤੀ ਜਾ ਸਕਦੀ ਹੈ ਸੂਚਨਾ
ਚੰਡੀਗੜ੍ਹ / ਜਲੰਧਰ 30 ਮਾਰਚ 2025 - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ।
ਐਸ.ਐਸ.ਪੀ. ਜਲੰਧਰ ਦਿਹਾਤੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵਿੰਦਰ ਕੌਰ ਉਰਫ਼ ਜੱਸੀ ਪਤਨੀ ਅਮਰਜੀਤ ਸਿੰਘ ਉਰਫ਼ ਰੱਮੀ ਵਾਸੀ ਪਿੰਡ ਪਾਸਲਾ, ਥਾਣਾ ਨੂਰਮਹਿਲ ਲੰਬੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੀ ਸੀ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਕਈ ਕੇਸਾਂ ਵਿੱਚ ਸ਼ਾਮਲ ਹੈ। ਇਨ੍ਹਾਂ ਨੇ ਪਿੰਡ ਦੀ ਪੰਚਾਇਤੀ ਗਲੀ ਵਿੱਚ ਤਕਰੀਬਨ 3-4 ਮਰਲੇ ਦੀ ਜ਼ਮੀਨ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ੇ ਵਿੱਚ ਲੈ ਕੇ ਉਸ 'ਤੇ ਇਕ ਬਾਥਰੂਮ ਅਤੇ ਕੰਧਾਂ ਬਣਾਈਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਗੈਰ-ਕਾਨੂੰਨੀ ਕਬਜ਼ੇ ਨੂੰ ਅੱਜ ਪਿੰਡ ਪਾਸਲਾ ਦੀ ਪੰਚਾਇਤ ਅਤੇ ਬੀ.ਡੀ.ਪੀ.ਓ. ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਹਟਾਇਆ ਗਿਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਜਸਵਿੰਦਰ ਕੌਰ ’ਤੇ ਥਾਣਾ ਨੂਰਮਹਿਲ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-61-85 ਤਹਿਤ ਐੱਫ.ਆਈ.ਆਰ. ਨੰ: 75, ਮਿਤੀ 10-09-2019, 21(A)-61-85 ਤਹਿਤ ਐੱਫ.ਆਈ.ਆਰ. ਨੰ: 39, ਮਿਤੀ 12-06-2021, ਧਾਰਾ 21(A)-61-85 ਤਹਿਤ ਐੱਫ.ਆਈ.ਆਰ. ਨੰ: 70, ਮਿਤੀ 30-08-2021, ਧਾਰਾ 21-61-85 ਤਹਿਤ ਐੱਫ.ਆਈ.ਆਰ. ਨੰ: 37, ਮਿਤੀ 19-04-2022 ਤਹਿਤ ਐਫ.ਆਈ.ਆਰ ਦਰਜ ਹਨ।
ਇਸ ਤੋਂ ਇਲਾਵਾ ਥਾਣਾ ਨੂਰਮਹਿਲ ਵਿਖੇ ਆਈ.ਪੀ.ਸੀ. ਦੀ ਧਾਰਾ 323, 324, 307, 341, 148, 149 ਵਾਧੂ ਦੋਸ਼ 302, 325 ਤਹਿਤ ਐੱਫ.ਆਈ.ਆਰ. ਨੰ: 11, ਮਿਤੀ 18-02-2023 ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(A)-61-85 ਤਹਿਤ ਐੱਫ.ਆਈ.ਆਰ. ਨੰ: 76, ਮਿਤੀ 21-10-2024 ਦਰਜ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਦਾ ਹਿੱਸਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਖ਼ਤ ਕਾਰਵਾਈ ਜਾਰੀ ਰਹੇਗੀ।
ਐਸ.ਐਸ.ਪੀ ਨੇ ਜਨਤਾ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਿਆਂ ਦੀ ਤਸਕਰੀ ਜਾਂ ਇਸਦੀ ਵਰਤੋਂ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਰੀ ਕੀਤੇ ਵਟਸਐਪ ਨੰਬਰ 9779-100-200 'ਤੇ ਵੀ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਆਪਣੇ ਪਰਿਵਾਰ, ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਸਮਝਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦਾ ਸਵਾਗਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਲਈ ਉਹ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸਵਾਗਤਯੋਗ ਹਨ।