ਫਤਿਹਾਬਾਦ 'ਚ ਦੁਕਾਨਾਂ 'ਤੇ ਗੋਲੀਆਂ ਚਲਣ ਕਾਰਨ ਦਹਿਸ਼ਤ, ਕਿਸਾਨਾਂ ਵੱਲੋਂ ਪੁਲਿਸ ਖਿਲਾਫ ਧਰਨਾ
ਬਲਜੀਤ ਸਿੰਘ
ਪੱਟੀ, ਤਰਨਤਾਰਨ :
ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਕਸਬਾ ਫਤਿਹਾਬਾਦ 'ਚ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨਾਂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਲੋਕਾਂ 'ਚ ਦਹਿਸ਼ਤ ਪੈਦਾ ਹੋ ਗਈ, ਜਿਸ ਤੋਂ ਬਾਅਦ ਰੋਸ ਵਿੱਚ ਆਏ ਕਿਸਾਨਾਂ ਨੇ ਦੁਕਾਨਾਂ ਬੰਦ ਕਰਕੇ ਪੁਲਿਸ ਪ੍ਰਸ਼ਾਸਨ ਖਿਲਾਫ ਧਰਨਾ ਲਗਾ ਦਿੱਤਾ।
ਕੀ ਹੈ ਪੂਰਾ ਮਾਮਲਾ?
ਮਿਲੀ ਜਾਣਕਾਰੀ ਅਨੁਸਾਰ, ਰਾਤ ਦੇ ਸਮੇਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਕਰਿਆਨੇ ਦੀ ਦੁਕਾਨ, ਫ੍ਰਿਜ-ਟੈਲੀਵਿਜ਼ਨ ਦੇ ਸ਼ੋਰੂਮ ਅਤੇ ਇੱਕ ਵਿਅਕਤੀ ਦੇ ਘਰ 'ਤੇ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਦੁਕਾਨਦਾਰਾਂ ਨੇ ਦੱਸਿਆ ਕਿ ਇਹ ਪੂਰੀ ਘਟਨਾ ਸੀਸੀਟਵੀ ਕੈਮਰੇ ਵਿੱਚ ਕੈਦ ਹੋਈ ਹੈ।
ਦੁਕਾਨਦਾਰਾਂ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਆਰੋਪ ਲਗਾਇਆ ਕਿ ਪੁਲਿਸ ਦੀ ਨਿਕੰਮੀ ਨੀਤੀ ਕਰਕੇ ਪੰਜਾਬ 'ਚ ਲੋਕ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ। ਉਨ੍ਹਾਂ ਨੇ ਮੰਗ ਕੀਤੀ ਕਿ ਜਦ ਤੱਕ ਪੁਲਿਸ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਗਰੰਟੀ ਨਹੀਂ ਦਿੰਦੀ, ਉਹ ਆਪਣਾ ਧਰਨਾ ਜਾਰੀ ਰਖਣਗੇ।
ਪੁਲਿਸ ਦੀ ਪ੍ਰਤੀਕ੍ਰਿਆ
ਥਾਣਾ ਗੋਇੰਦਵਾਲ ਸਾਹਿਬ ਦੇ ਐਸਐਚਓ ਪ੍ਰਭਦੀਪ ਸਿੰਘ ਮੌਕੇ 'ਤੇ ਪਹੁੰਚੇ ਅਤੇ ਵਾਅਦਾ ਕੀਤਾ ਕਿ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।