ਸੰਸਦ ਮੈਂਬਰ ਤੇ ਵਿਧਾਇਕ ਨੇ ਮਕਾਨਾਂ ਦੀ ਮੁਰੰਮਤ ਲਈ 2 ਹਜ਼ਾਰ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ
ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਜਲਦੀ ਹੀ ਜਾਰੀ ਕੀਤੇ ਜਾਣਗੇ 4.50 ਕਰੋੜ ਰੁਪਏ ਦੇ ਫੰਡ
ਡਾ. ਰਾਜ ਕੁਮਾਰ ਚੱਬੇਵਾਲ ਨੇ ਸਰਪੰਚਾਂ ਨੂੰ ਗ੍ਰਾਂਟਾਂ ਦੇ ਨਾਲ-ਨਾਲ ਕੰਮਾਂ 'ਤੇ ਨਜ਼ਰ ਰੱਖਣ ਦੀ ਅਪੀਲ, ਭਲਾਈ ਸਕੀਮਾਂ ਦਾ ਲਾਭ ਬਿਨਾਂ ਪੱਖਪਾਤ ਪਹੁੰਚਾਇਆ ਜਾਵੇ
ਸਾਰੇ ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ ਵਿੱਚ ਤਬਦੀਲ ਕੀਤਾ ਜਾਵੇਗਾ, ਅਰਜ਼ੀਆਂ ਦੇਣ ਦੀ ਤਰੀਕ ਵਿੱਚ 30 ਅਪ੍ਰੈਲ ਤੱਕ ਕੀਤਾ ਵਾਧਾ: ਡਾ. ਇਸ਼ਾਂਕ ਕੁਮਾਰ
ਚੱਬੇਵਾਲ (ਹੁਸ਼ਿਆਰਪੁਰ), 31 ਮਾਰਚ: ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਚੱਬੇਵਾਲ ਅਤੇ ਮਾਹਿਲਪੁਰ ਬਲਾਕ ਦੇ 2000 ਲਾਭਪਾਤਰੀਆਂ ਨੂੰ ਮਕਾਨਾਂ ਦੀ ਮੁਰੰਮਤ ਲਈ 2 ਕਰੋੜ ਰੁਪਏ ਦੇ ਚੈੱਕ ਸੌਂਪੇ।
ਈਦ-ਉਲ-ਫਿਤਰ ਅਤੇ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ 'ਤੇ ਵਧਾਈ ਦਿੰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ 'ਚ ਇਹ ਕੰਮ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਦਿੱਤੀ ਗਈ 2 ਕਰੋੜ ਦੀ ਗ੍ਰਾਂਟ ਸਮੇਤ ਹੁਣ ਤੱਕ ਮਕਾਨਾਂ ਦੀ ਮੁਰੰਮਤ ਲਈ 10,000 ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਸਾਲਾਨਾ 5 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ।
ਪਿੰਡਾਂ ਦੇ ਸਰਪੰਚਾਂ ਨੂੰ ਪੰਚਾਇਤਾਂ ਦੇ ਖਾਤਿਆਂ ਵਿੱਚ ਆਉਣ ਵਾਲੇ ਫੰਡਾਂ 'ਤੇ ਨੇੜਿਓਂ ਨਜ਼ਰ ਰੱਖਣ ਦੀ ਅਪੀਲ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਪਿੰਡਾਂ ਦੇ ਨੁਮਾਇੰਦਿਆਂ ਨੂੰ ਵਿਕਾਸ ਫੰਡਾਂ ਦੇ ਨਾਲ-ਨਾਲ ਉਨ੍ਹਾਂ ਕੰਮਾਂ ‘ਤੇ ਵੀ ਨਜ਼ਰ ਰੱਖਣੀ ਚਾਹੀਦੀ ਹੈ ਜਿਨ੍ਹਾਂ ਲਈ ਇਹ ਫੰਡ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀ ਸੁਚੱਜੀ ਪਹੁੰਚ ਜਨਤਕ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਸਕਦੀ ਹੈ। ਉਨ੍ਹਾਂ ਸਰਪੰਚਾਂ ਨੂੰ ਵੀ ਅਪੀਲ ਕੀਤੀ ਕਿ ਪੱਕੇ ਮਕਾਨਾਂ ਅਤੇ ਹੋਰ ਭਲਾਈ ਸਕੀਮਾਂ ਲਈ ਅਰਜ਼ੀਆਂ ਦੇਣ ਵੇਲੇ ਕਿਸੇ ਨਾਲ ਪੱਖਪਾਤ ਨਾ ਕੀਤਾ ਜਾਵੇ ਕਿਉਂਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਦਿੱਤਾ ਜਾਵੇਗਾ।
ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਸਾਰੇ ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ ਵਿੱਚ ਤਬਦੀਲ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਉਹ ਯਕੀਨੀ ਤੌਰ ‘ਤੇ ਇਸ ਟੀਚੇ ਨੂੰ ਜਲਦ ਹੀ ਸਰ ਕਰ ਲੈਣਗੇ। ਉਨ੍ਹਾਂ ਕਿਹਾ ਕਿ ਪੱਕੇ ਮਕਾਨਾਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਅਪਰੈਲ ਤੱਕ ਵਧਾ ਦਿੱਤੀ ਗਈ ਹੈ, ਜਿਸ ਕਾਰਨ ਜਿਹੜੇ ਲੋਕ ਅੱਜ ਤੱਕ ਅਰਜ਼ੀਆਂ ਨਹੀਂ ਦੇ ਸਕੇ, ਉਹ ਹੁਣ ਅਰਜ਼ੀਆਂ ਦੇ ਸਕਦੇ ਹਨ।
ਪਿੰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਜ਼ਿਕਰ ਕਰਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਨਾਲ ਨਾਲ ਟ੍ਰੈਕ ਤੇ ਜਿੰਮ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਨੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਡਾ. ਹਰਪਾਲ ਸਿੰਘ ਚੀਮਾ ਦੀ ਵੀ ਸ਼ਲਾਘਾ ਕੀਤੀ ਕਿਉਂਕਿ ਇਸ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਨੂੰ ਭਲਾਈ ਪਹਿਲਕਦਮੀਆਂ ਤਹਿਤ ਸ਼ਾਮਲ ਕੀਤਾ ਗਿਆ ਹੈ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ 4.50 ਕਰੋੜ ਰੁਪਏ ਦੇ ਵਿਕਾਸ ਫੰਡ ਜਲਦ ਹੀ ਵੰਡੇ ਜਾ ਰਹੇ ਹਨ, ਜਿਸ ਨਾਲ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮ ਵੀ ਜਲਦ ਹੀ ਨੇਪਰੇ ਚਾੜ੍ਹ ਲਏ ਜਾਣਗੇ। ਇਸ ਮੌਕੇ ਪੰਚਾਇਤ ਮੈਂਬਰਾਂ ਨੇ ਚੈਕ ਪ੍ਰਾਪਤ ਕਰਦੇ ਹੋਏ ਹਲਕੇ ਦੇ ਸਰਵਪੱਖੀ ਵਿਕਾਸ ਲਈ ਸੰਸਦ ਮੈਂਬਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ।