ਪਟਿਆਲਾ: ਪੁਲਿਸ ਚੌਂਕੀ 'ਚ ਜ਼ੋਰਦਾਰ ਧਮਾਕਾ (ਵੇਖੋ ਵੀਡੀਓ)
ਬਿਕਰਮਜੀਤ ਸਿੰਘ
ਪਾਤੜਾਂ, (ਪਟਿਆਲਾ), 1 ਅਪ੍ਰੈਲ 2025- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਬਾਦਸ਼ਾਹਪੁਰ ਦੀ ਪੁਲਿਸ ਚੌਂਕੀ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਪੁਲਿਸ ਚੌਂਕੀ ਨਾਲ ਲੱਗਦੇ ਕੋ-ਆਪਰੇਟਿਵ ਸੁਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਅਤੇ ਐਸਪੀ (ਡੀ) ਯੋਗੇਸ਼ ਸ਼ਰਮਾ ਨੇ ਖੁਦ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਹੁਣ ਤੱਕ ਪੁਲਿਸ ਨੂੰ ਧਮਾਕੇ ਦੇ ਕਾਰਨਾਂ ਸਬੰਧੀ ਕੋਈ ਠੋਸ ਸੁਰਾਗ ਨਹੀਂ ਮਿਲਿਆ।
ਮੁੱਢਲੀ ਜਾਂਚ ਦੌਰਾਨ ਐਸਐਸਪੀ ਡਾ. ਨਾਨਕ ਸਿੰਘ ਨੇ ਗ੍ਰਨੇਡ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਉਹਨਾਂ ਨੇ ਕਿਹਾ ਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਅਸਲ ਤੱਥ ਸਾਹਮਣੇ ਲਿਆਂਦੇ ਜਾਣਗੇ।