ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਵਿਸਾਖੀ ਮੇਲਾ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 1 ਅਪ੍ਰੈਲ 2025 : ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹਰ ਸਾਲ ਦੀ ਤਰ੍ਹਾਂ 13 ਅਪ੍ਰੈਲ ਨੂੰ ਮਨਾਇਆ ਜਾਣ ਵਾਲਾ ਵਿਸਾਖੀ ਮੇਲਾ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲੇ ਦੀਆਂ ਆਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਲੇ ਦੇ ਕਨਵੀਨਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਅਤੇ ਮੇਲਾ ਅਫਸਰ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਹੋਣਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੁੰਮੇਵਾਰੀਆਂ ਸੌਂਪੀਆਂ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਕੇ ਉਨ੍ਹਾਂ ਦਾ ਵੱਖਰਾ ਪਲਾਨ ਤਿਆਰ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਵਾਲੇ ਸਥਾਨ ’ਤੇ ਕੰਟਰੋਲ ਰੂਮ ਸਥਾਪਤ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਰਜੀ ਰੂਟ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਪੀਆਰਟੀਸੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਆਰਜੀ ਬੱਸ ਸਟੈਂਡ ਅਤੇ ਆਰਜੀ ਰੂਟਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਐਨਡੀਆਰਐਫ਼ ਅਤੇ ਗੋਤਾਖ਼ੋਰ ਟੀਮ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਮੈਡੀਕਲ ਟੀਮਾਂ ਦਾ ਖਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਅਤੇ ਸ਼ਰਧਾਲੂਆਂ (ਔਰਤਾਂ ਤੇ ਪੁਰਸ਼ਾਂ) ਲਈ ਵੱਖ-ਵੱਖ ਥਾਵਾਂ ’ਤੇ ਆਰਜੀ ਪਖਾਨੇ ਬਣਵਾਉਣੇ ਲਾਜ਼ਮੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਜਿਥੇ ਕਿਤੇ ਵੀ ਢਿੱਲੀਆਂ ਜਾਂ ਨੰਗੀਆਂ ਤਾਰਾਂ ਹਨ, ਨੂੰ ਚੰਗੀ ਤਰ੍ਹਾਂ ਠੀਕ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਅੰਦਰ ਚੌਕਾਂ ਦੀ ਸਜਾਵਟ, ਮੇਲੇ ਦੌਰਾਨ ਪ੍ਰਮੁੱਖ ਸਥਾਨਾਂ ’ਤੇ ਸੀਸੀਟੀਵੀ ਕੈਮਰੇ, ਨਹਿਰਾ ’ਤੇ ਸੁਰੱਖਿਆ ਕਰਮੀਆਂ ਦੀ ਤਾਇਨਾਤੀ, ਸਾਫ-ਸਫਾਈ ਅਤੇ ਪੀਣ ਵਾਲੇ ਸਾਫ ਪਾਣੀ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਪੀ ਹੈਡਕੁਆਰਟਰ ਸ਼੍ਰੀ ਗੁਰਮੀਤ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।