Punjab News: ਵਿਕਾਸ ਕਰਵਾਓ... ਫ਼ੰਡਾਂ ਦੀ ਚਿੰਤਾ ਨਾ ਕਰੋ! ਮੰਤਰੀ ਡਾ. ਰਵਜੋਤ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਦਿੱਤੀ ਸਲਾਹ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਨਵੇਂ ਚੁਣੇ ਕੌਂਸਲਰਾਂ ਨੂੰ ਵਿਕਾਸ ਕਾਰਜਾਂ ’ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
ਤਲਵਾੜਾ ’ਚ ਕੌਂਸਲਰਾਂ ਨੂੰ ਮਿਲ ਕੇ ਦਿੱਤੀ ਵਧਾਈ, ਕਿਹਾ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ
ਤਲਵਾੜਾ/ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਕੌਂਸਲ ਤਲਵਾੜਾ ਲਈ ਆਮ ਆਦਮੀ ਪਾਰਟੀ ਦੇ ਚੁਣੇ ਗਏ ਕੌਂਸਲਰਾਂ ਨਾਲ ਅੱਜ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਇਲਾਕੇ ਦੇ ਚਹੁੰਮੁਖੀ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਅੰਦਰ ਹਰ ਖੇਤਰ ਵਿਚ ਵਿਕਾਸ ਦੇ ਫੈਸਲੇ ਲਏ ਗਏ ਹਨ ਤਾਂ ਜੋ ਸੂਬਾ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਵਿਚ ਪੰਜਾਬ ਦੇ ਵਿਕਾਸ ਦੀ ਨਵੀਂ ਤਸਵੀਰ ਨੂੰ ਪੇਸ਼ ਕੀਤਾ ਗਿਆ ਹੈ ਜਿਸ ਤਹਿਤ ਸ਼ਹਿਰਾਂ ਵਿਚ ਵਿ਼ਸ਼ਵ ਪੱਧਰੀ ਸੜਕਾਂ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਵਿਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐਸ.ਏ.ਐਸ. ਨਗਰ ਵਿਚ ਲਗਭਗ 50 ਕਿਲੋਮੀਟਰ ਅਤਿ-ਆਧੁਨਿਕ ਸੜਕਾਂ ਬਣਨਗੀਆਂ ਜਿਨ੍ਹਾਂ ਦੀ ਸਬੰਧਤ ਠੇਕੇਦਾਰਾਂ ਵਲੋਂ 10 ਸਾਲ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇਗੀ।
ਡਾ.ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2718 ਕਿਲੋਮੀਟਰ ਯੋਜਨਾਬੱਧ ਸੜਕਾਂ ਅਤੇ ਨਵੇਂ ਸੰਪਰਕ ਰੂਟਾਂ ਦੇ ਨਿਰਮਾਣ ਅਤੇ ਅਪਗਰੇਡੇਸ਼ਨ ਲਈ 855 ਕਰੋੜ ਰੁਪਏ ਖਰਚਣ ਦੀ ਯੋਜਨਾ ਹੈ। ਇਸੇ ਤਰ੍ਹਾਂ ਨਵੇਂ ਪੁੱਲ ਬਣਾਉਣ ਅਤੇ ਨਿਰਮਾਣ ਅਧੀਨ ਪੁੱਲਾਂ ਨੂੰ ਮੁਕੰਮਲ ਕਰਨ ਲਈ 155 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਐਲਾਨੀ ਰੰਗਲਾ ਪੰਜਾਬ ਵਿਕਾਸ ਸਕੀਮ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸਕੀਮ ਤਹਿਤ ਹਰ ਹਲਕੇ ਵਿਚ 5 ਕਰੋੜ ਰੁਪਏ ਸਾਲਾਨਾ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਫੰਡ ਸੜਕਾਂ, ਪੁੱਲਾਂ ਦੀ ਉਸਾਰੀ ਤੇ ਮੁਰੰਮਤ, ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ ਦੀ ਸਪਲਾਈ, ਸੈਨੀਟੇਸ਼ਨ ਆਦਿ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਕਿਸੇ ਵੀ ਲੋੜੀਂਦੀ ਬੁਨਿਆਦੀ ਸਹੂਲਤ ਦੀ ਘਾਟ ਨਹੀਂ ਰਹੇਗੀ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਤਲਵਾੜਾ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀਵਰੇਜ਼ ਪ੍ਰੋਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ ਜਲਦ ਹੀ ਵਾਟਰ ਸਪਲਾਈ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਚੁਣੇ ਨੁਮਾਇੰਦਿਆਂ ਅਤੇ ਲੋਕਾਂ ਦੀ ਮੰਗ ਅਨੁਸਾਰ ਇਲਾਕੇ ਵਿਚ ਹਰ ਲੋੜੀਂਦਾ ਵਿਕਾਸ ਕਾਰਜ ਕਰਵਾਇਆ ਜਾਵੇਗਾ।
ਇਸ ਮੌਕੇ ਹਲਕਾ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਕੌਂਸਲਰ ਆਸ਼ੂ ਅਰੋੜਾ, ਪ੍ਰਦੀਪ ਸ਼ਰਫੀ, ਜੋਗਿੰਦਰ ਪਾਲ, ਕਲਾਵਤੀ, ਅਕੁੰਸ਼ ਸੂਦ, ਪ੍ਰਿੰਸ ਗਿੱਲ ਆਦਿ ਵੀ ਮੌਜੂਦ ਸਨ।