ਮਾਲੇਰਕੋਟਲਾ : ਜ਼ਿਲ੍ਹੇ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ : ਵਿਰਾਜ ਐਸ.ਤਿੜਕੇ
* ਮੰਡੀਆਂ ਵਿੱਚ ਦੂਜੇ ਹਫ਼ਤੇ ਤੱਕ ਕਣਕ ਦੀ ਆਮਦ ਹੋਣ ਦੀ ਸੰਭਾਵਨਾ - ਡਿਪਟੀ ਕਮਿਸ਼ਨਰ
* ਕਿਹਾ,ਕਣਕ ਦੇ ਖ਼ਰੀਦ ਪ੍ਰਬੰਧਾਂ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ
* ਕਿਸਾਨਾਂ ਨੂੰ ਅਪੀਲ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ, ਨਮੀ ਦੀ ਦਰ 12 ਫੀਸਦੀ ਤੋਂ ਵੱਧ ਨਾ ਹੋਵੇ
ਮਾਲੇਰਕੋਟਲਾ 3 ਅਪ੍ਰੈਲ :2025
ਰੱਬੀ ਸੀਜ਼ਨ 2025-26 ਲਈ ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਲਈ ਜ਼ਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਿੱਤੀ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਣਕ ਦੀ ਸੁਚਾਰੂ ਤਰੀਕੇ ਨਾਲ ਖ੍ਰੀਦ ਲਈ ਮੰਡੀਆਂ ਵਿਚ ਸਾਫ ਸਫਾਈ, ਪੀਣ ਵਾਲੇ ਪਾਣੀ,ਕਿਸਾਨਾਂ ਦੇ ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ।
ਉਹਨਾਂ ਕਿਹਾ ਕਿ ਰੱਬੀ ਸੀਜ਼ਨ 2025-26 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2025 ਤੋਂ 31 ਮਈ, 2025 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2425 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜਿਲ੍ਹੇ ਵਿਚ ਕਣਕ ਦੀ ਸਰਕਾਰੀ ਖ੍ਰੀਦ 02 ਲੱਖ 51 ਹਜਾਰ ਸੀ ਅਤੇ ਇਸ ਵਾਰ ਵੀ ਜ਼ਿਲ੍ਹੇ ਦੀਆਂ ਕੁਲ 46 ਮੰਡੀਆਂ ਵਿੱਚ ਇੰਨੀ ਹੀ ਕਣਕ ਆਉਂਣ ਦੀ ਸੰਭਾਵਨਾ ਹੈ। ਇਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।
ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਬਤ ਮੁੜ ਤੋਂ ਅਧਿਕਾਰੀਆਂ ਪਾਸੋਂ ਜਾਣਕਾਰੀ ਲਈ । ਉਨ੍ਹਾਂ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫ਼ਸਰ, ਮਾਰਕੀਟ ਕਮੇਟੀਆਂ ਦੇ ਸਕੱਤਰਾਂ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਪ੍ਰਬੰਧਾਂ 'ਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਮੱਠ ਨਹੀਂ ਹੋਣੀ ਚਾਹੀਦੀ ਅਤੇ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।