ਭਾਈ ਮਹਿਲ ਸਿੰਘ ਬੱਬਰ ਦੇ ਭੋਗ ਮੌਕੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਵਿਰੋਧ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ: ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਦੀ ਯਾਦ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਸਿੱਖ ਸੰਗਤਾਂ, ਸ਼੍ਰੋਮਣੀ ਕਮੇਟੀ ਅਧਿਕਾਰੀ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਹਾਜ਼ਰੀ ਭਰੀ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਇਸ ਮੌਕੇ ਤੇ ਸ਼ਮੂਲੀਅਤ ਕੀਤੀ ਗਈ।
ਜਥੇਦਾਰ ਵਿਰੁੱਧ ਵਿਰੋਧ
ਭੋਗ ਸਮਾਰੋਹ ਦੌਰਾਨ, ਜਦੋਂ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰਿਕ ਮੈਂਬਰਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸਰੋਪਾ ਪੇਸ਼ ਕਰਨ ਦੀ ਵਾਰੀ ਆਈ, ਤਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਸਰੋਪਾ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਇੱਕ ਸਿੱਖ ਜਥੇਬੰਦੀ ਦੇ ਆਗੂ ਜਰਨੈਲ ਸਿੰਘ ਸਖੀਰਾ ਨੇ ਵਿਰੋਧ ਕਰਦੇ ਹੋਏ ਕਿਹਾ ਕਿ ਜਥੇਦਾਰ ਕੋਲ ਕਿਸੇ ਨੂੰ ਸਰੋਪਾ ਦੇਣ ਦਾ ਅਧਿਕਾਰ ਨਹੀਂ ਹੈ। ਇਸ ਕਾਰਨ ਸਮਾਗਮ ਵਿੱਚ ਵਿਵਾਦ ਖੜਾ ਹੋ ਗਿਆ। ਇਸ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰਕ ਮੈਂਬਰਾਂ ਨੂੰ ਸਰੋਪਾ ਦਿੱਤਾ ਗਿਆ।
ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਨਿੰਦਾ
ਇਸ ਮਾਮਲੇ ‘ਤੇ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਆਗੂ ਪਰਮਜੀਤ ਸਿੰਘ ਸਰਨਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਥੇਦਾਰ ਅਕਾਲ ਤਖਤ ਸਾਹਿਬ ‘ਤੇ ਟਿੱਪਣੀ ਕਰਨਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਅਕਾਲ ਤਖਤ ਦੀ ਇੱਜ਼ਤ ਨੂੰ ਢਾਹੁੰਦਾ ਹੈ ਅਤੇ ਅਸੀਂ ਇਸਦੀ ਨਿੰਦਾ ਕਰਦੇ ਹਾਂ।
ਉਨ੍ਹਾਂ ਅੱਗੇ ਕਿਹਾ ਕਿ 1923 ਤੋਂ 1999 ਤੱਕ ਭਾਈ ਮਹਿਲ ਸਿੰਘ ਬੱਬਰ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਨਜ਼ਦੀਕੀ ਰਹੀ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਪਹਿਚਾਣ ਅਤੇ ਸੰਭਾਲ ‘ਚ ਭਾਈ ਵਧਾਵਾ ਸਿੰਘ ਅਤੇ ਭਾਈ ਮਹਿਲ ਸਿੰਘ ਬੱਬਰ ਦੀ ਮਹੱਤਵਪੂਰਨ ਭੂਮਿਕਾ ਰਹੀ। ਉਨ੍ਹਾਂ ਨੇ ਪਾਕਿਸਤਾਨ ਦੇ ਵਕਫ ਬੋਰਡ ਬਾਰੇ ਵੀ ਗੱਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜਿਵੇਂ ਭਾਰਤ ਵਿੱਚ ਕੁਝ ਸ਼ਕਤੀਆਂ ਮੁਸਲਮਾਨਾਂ ਦੀ ਜਾਇਦਾਦ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਓਸੇ ਤਰ੍ਹਾਂ ਭਵਿੱਖ ਵਿੱਚ ਪਾਕਿਸਤਾਨ ਵਿੱਚ ਵੀ ਸਿੱਖ ਗੁਰਦੁਆਰਿਆਂ ਉੱਤੇ ਅਸੀਂ ਖ਼ਤਰਾ ਮਹਿਸੂਸ ਕਰ ਸਕਦੇ ਹਾਂ।
ਇਸ ਪੂਰੇ ਮਾਮਲੇ ‘ਚ, ਸ਼੍ਰੋਮਣੀ ਕਮੇਟੀ, ਸਿੱਖ ਆਗੂ ਅਤੇ ਜਥੇਦਾਰਾਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਹਨ, ਜੋ ਕਿ ਅਗਲੇ ਦਿਨਾਂ ‘ਚ ਵੀ ਚਰਚਾ ਦਾ ਵਿਸ਼ਾ ਰਹਿਣਗੀਆਂ।