ਸਾਉਣੀ ਦੀਆਂ ਫਸਲਾਂ ਸਬੰਧੀ ਸਿਖਲਾਈ ਕੈਂਪ 5 ਅਪ੍ਰੈਲ ਨੂੰ
ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ, ਪਰਾਲੀ ਪ੍ਰਬੰਧਨ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਨਵੀਂ ਦਾਣਾ ਮੰਡੀ, ਸ੍ਰੀ ਮੁਕਤਸਰ ਸਾਹਿਬ ਵਿਖੇ 5 ਅਪ੍ਰੈਲ 2025 ਦਿਨ ਸ਼ਨੀਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਡਾ. ਬਲਜੀਤ ਕੌਰ ਮੁੱਖ ਮਹਿਮਾਨ ਅਤੇ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਿਤ ਕਰਨਗੇ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਕੈਂਪ ਦਾ ਉਦਘਾਟਨ ਕਰਨਗੇ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਕੈਂਪ ਦੀ ਪ੍ਰਧਾਨਗੀ ਕਰਨਗੇ।
ਇਸ ਮੌਕੇ ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਲਗਾਏ ਜਾ ਰਹੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਜਾਣਕਾਰੀ ਪ੍ਰਾਪਤ ਕਰਨ।