ਜਲੰਧਰ ਪ੍ਰਸਾਸ਼ਨ ਦਾ ਵੱਡਾ ਐਕਸ਼ਨ! ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
- ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ’ਤੇ ਛਾਪੇਮਾਰੀ, ਕੀਤਾ ਸੀਲ
- 34 ਨੌਜਵਾਨਾਂ ਨੂੰ ਰੈਸਕਿਊ ਕਰਕੇ ਇਲਾਜ ਲਈ ਸਿਵਲ ਹਸਪਤਾਲ ਸਥਿਤ ਨਸ਼ਾ ਛੁਡਾਊ ਕੇਂਦਰ ਭੇਜਿਆ
ਜਲੰਧਰ, 4 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਜਲੰਧਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ’ਤੇ ਛਾਪੇਮਾਰੀ ਕੀਤੀ ਗਈ।
ਛਾਪੇਮਾਰੀ ਦੌਰਾਨ ਸਿਵਲ, ਸਿਹਤ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਜਾਂਚ ਟੀਮ ਵੱਲੋਂ 34 ਨੌਜਵਾਨਾਂ ਨੂੰ ਕੇਂਦਰ ਵਿਚੋਂ ਛੁਡਵਾ ਕੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਟੀਮ ਵੱਲੋਂ ਜਮਸ਼ੇਰ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਸਾਹਮਣੇ ਆਇਆ ਕਿ ਸਾਹਿਬਜ਼ਾਦਾ ਫਤਹਿ ਸਿੰਘ ਗੁਰਮਤਿ ਵਿਦਿਆਲਿਆ ਦੇ ਨਾਂਅ ਹੇਠ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਛੁਡਾਊ ਕੇਂਦਰ ’ਤੇ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਇਥੇ ਗੈਰ-ਕਾਨੂੰਨੀ ਢੰਗ ਨਾਲ ਰੱਖੇ 34 ਨੌਜਵਾਨਾਂ ਨੂੰ ਛੁਡਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਾਰੇ ਨੌਜਵਾਨਾਂ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਸਥਾਪਿਤ ਨਸ਼ਾ ਛੁਡਾਊ ਕੇਂਦਰ ਵਿਖੇ ਭੇਜ ਦਿੱਤਾ ਗਿਆ ਹੈ, ਜਿਥੇ ਉਨ੍ਹਾਂ ਦਾ ਉਚਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਇਸ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਡਾ. ਅਗਰਵਾਲ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣ ਅਤੇ ਮੁੜ ਵਸੇਬੇ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਛੱਡਣ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਨਸ਼ਾ ਛੁਡਾਊ ਕੇਂਦਰ ਦੇ ਹੈਲਪਲਾਈਨ ਨੰਬਰ 0181-2911960 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਛਾਪੇਮਾਰੀ ਟੀਮ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਵਿਪਨ, ਐਸ.ਐਮ.ਓ. ਡਾ. ਮਨਦੀਪ ਕੌਰ, ਡਾ. ਅਭੈਰਾਜ ਸਿੰਘ, ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਐਸ.ਐਚ.ਓ. ਜਮਸ਼ੇਰ ਸੰਜੀਵ ਸੂਰੀ ਸ਼ਾਮਲ ਸਨ।
ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਸਦਕਾ ਜ਼ਿਲ੍ਹੇ ਦੇ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਓ.ਪੀ.ਡੀ. ਵਿੱਚ 20 ਫੀਸਦੀ ਅਤੇ ਦਾਖ਼ਲੇ ਵਿੱਚ 65 ਫੀਸਦੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਸ਼ੇਖੇ ਪਿੰਡ ਦੇ ਮੁੜ ਵਸੇਬਾ ਕੇਂਦਰ ਵਿੱਚ 40 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਦੇ ਅੰਦਰ ਜਲੰਧਰ ਵਿੱਚ ਇੱਕ ਮਾਡਲ ਨਸ਼ਾ ਛੁਡਾਊ ਕੇਂਦਰ ਅਤੇ ਇੱਕ ਮਾਡਲ ਮੁੜ ਵਸੇਬਾ ਕੇਂਦਰ ਸਥਾਪਤ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਵਿੱਚ ਜਿਮਨੇਜ਼ੀਅਮ, ਹੁਨਰ ਵਿਕਾਸ ਪ੍ਰੋਗਰਾਮ, ਕਾਊਂਸਲਿੰਗ ਸੈਸ਼ਨ, ਨਸ਼ਾ ਛੱਡ ਚੁੱਕੇ ਵਿਅਕਤੀਆਂ ਵੱਲੋਂ ਆਪਣੇ ਤਜ਼ੁਰਬੇ ਸਾਂਝੇ ਕਰਨਾ ਅਤੇ ਠੀਕ ਹੋਏ ਮਰੀਜ਼ਾਂ ਲਈ ਨੌਕਰੀ ਦੇ ਮੌਕੇ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੁਝ ਦਵਾਈਆਂ ਦੀ ਨਸ਼ੀਲੇ ਪਦਾਰਥਾਂ ਵਜੋਂ ਦੁਰਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿੰਨ ਦਵਾਈਆਂ ਪ੍ਰੀਗੇਬਲਿਨ ਕੈਪਸੂਲ, ਗੈਬਾਪੇਨਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈਕਸ਼ਨ ਦੀ ਵਿਕਰੀ ਨੂੰ ਨਿਯੰਤਰਿਤ ਕੀਤਾ ਜਾ ਰਿਹਾ ਹੈ। ਮੈਡੀਕਲ ਸਟੋਰਾਂ ਨੂੰ ਬਿਨ੍ਹਾਂ ਡਾਕਟਰ ਦੀ ਪਰਚੀ ਦੇ ਇਨ੍ਹਾਂ ਦਵਾਈਆਂ ਦੀ ਵਿਕਰੀ ਨਾ ਕਰਨ ਅਤੇ ਸਹੀ ਰਿਕਾਰਡ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਟਰੈਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਉਲੰਘਣਾ ਕਰਨ ਵਾਲੇ 32 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਅਤੇ ਦੋ ਰੱਦ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਜੰਗ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਵਟਸਐਪ ਨੰਬਰ 9779-100-200 'ਤੇ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।