ਸਿੱਖਿਆ ਮੰਤਰੀ ਬੈਂਸ ਵੱਲੋਂ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ
ਚੰਡੀਗੜ੍ਹ, 4 ਅਪ੍ਰੈਲ 2025- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁੱਲ 2,90,471 ਵਿਦਿਆਰਥੀਆਂ ਨੇ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,82,627 ਵਿਦਿਆਰਥੀ ਪਾਸ ਹੋ ਕੇ 9ਵੀਂ ਜਮਾਤ ਵਿੱਚ ਹੋ ਗਏ ਹਨ। ਇਸ ਤਰ੍ਹਾਂ ਪ੍ਰੀਖਿਆ ਦਾ ਨਤੀਜਾ 97.30% ਰਿਹਾ ਹੈ। ਇਹ ਪ੍ਰਾਪਤੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਮਰਪਣ ਅਤੇ ਮਿਹਨਤ ਨੂੰ ਉਜਾਗਰ ਕਰਦੀ ਹੈ।
ਸਿੱਖਿਆ ਮੰਤਰੀ ਨੇ ਪੁਨੀਤ ਵਰਮਾ ਅਤੇ ਨਵਜੋਤ ਕੌਰ ਦੇ 100 ਫੀਸਦ ਅੰਕ ਪ੍ਰਾਪਤ ਕਰਕੇ ਪਾਸ ਹੋਣ ’ਤੇ ਖੁਸ਼ੀ ਅਤੇ ਤਸੱਲੀ ਪ੍ਰਗਟਾਈ। ਇਨ੍ਹਾਂ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੁਨੀਤ ਹੁਸ਼ਿਆਰਪੁਰ ਦੇ ਮਾਡਲ ਟਾਊਨ ਸਥਿਤ ਚੀਫ਼ ਖ਼ਾਲਸਾ ਦੀਵਾਨ ਦੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਵਿਦਿਆਰਥੀ ਹੈ ਅਤੇ ਨਵਜੋਤ ਕੌਰ ਫ਼ਰੀਦਕੋਟ ਜ਼ਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਦੀ ਵਿਦਿਆਰਥਣ ਹੈ।
ਚੰਗੇ ਨੰਬਰਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਸ. ਬੈਂਸ ਨੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਾਂਗ ਮਿਹਨਤ ਕਰਨ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਹ ਨਤੀਜੇ ਸਾਡੀ ਸਰਕਾਰ ਦੀ ਸਿੱਖਿਆ ਵਿੱਚ ਉੱਤਮਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਤੇ ਸਮਰਪਣ ਸਦਕਾ ਵਿੱਦਿਆ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ, ਜੋ ਅਕਾਦਮਿਕ ਉੱਤਮਤਾ ਨੂੰ ਹੋਰ ਪ੍ਰਫੁੱਲਿਤ ਕਰ ਰਿਹਾ ਹੈ।