MLA ਸ਼ੈਰੀ ਕਲਸੀ ਵਲੋਂ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਦਾ ਨੀਂਹ ਪੱਥਰ ਰੱਖਿਆ ਗਿਆ
ਰੋਹਿਤ ਗੁਪਤਾ
ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 8 ਅਪ੍ਰੈਲ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਵਿਕਾਸ ਕਾਰਜ ਰਾਕੇਟ ਦੀ ਰਫਤਾਰ ਨਾਲ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਕਾਰੀ ਹਸਪਤਾਲ ਨੌਸ਼ਹਿਰਾ ਮੱਝਾ ਸਿੰਘ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਿਵਲ ਸਰਜਨ ਡਾ ਪ੍ਰਭਜੋਤ ਕੋਰ ਕਲਸੀ, ਜਿਲਾ ਯੂਥ ਆਗੂ ਮਨਦੀਪ ਸਿੰਘ ਗਿੱਲ ਸਮੇਤ ਹਲਕੇ ਦੀ ਸਮੁੱਚੀ ਟੀਮ ਮੌਜੂਦ ਸੀ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸੂਬਾ ਭਰ ਵਿੱਚ ਮੁਹੱਲਾ ਕਲੀਨਿਕ ਸਥਾਪਤ ਕੀਤੇ ਹਨ, ਜਿਨ੍ਹਾਂ ਨੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਹਰ ਰੋਜ਼ ਆਉਂਦੇ ਕਰੀਬ 95 ਫੀਸਦੀ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਵਿੱਚ ਕੋਈ ਕਮੀਂ ਨਹੀ ਆਉਣ ਦਿੱਤੀ ਜਾਵੇਗੀ ਅਤੇ ਹਸਪਤਾਲਾਂ ਵਿੱਚ ਹੋਰ ਬਿਹਤਰ ਵਿਕਾਸ ਲਈ ਕੰਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਰਿਕਾਰਡ ਵਿਕਾਸ ਕੰਮ ਕਰਵਾਏ ਹਨ ਤਾਂ ਜੋ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਕੂਲਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।