ਲਾਰੈਂਸ ਬਿਸ਼ਨੋਈ ਵਰਗੇ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਨੇ : ਰਮਨ ਅਰੋੜਾ
ਕਿਹਾ, ਪੰਜਾਬ ਸਰਕਾਰ ਕਿਸੇ ਕੀਮਤ ’ਤੇ ਸੂਬੇ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗੀ
ਜਲੰਧਰ, 8 ਅਪ੍ਰੈਲ : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਦੇ ਸਬੰਧ ਵਿੱਚ ਗੱਲਬਾਤ ਕਰਦਿਆਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਤੋਂ ਪੰਜਾਬ ਦੀ ਸ਼ਾਂਤੀ ਬਰਦਾਸ਼ਤ ਨਹੀਂ ਹੋ ਰਹੀ, ਜਿਸ ਕਰਕੇ ਸੂਬੇ ਦੇ ਅਮਨ ਨੂੰ ਲਾਂਬੂ ਲਾਉਣ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਸਾਜ਼ਿਸ਼ਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੇ ਪਾਕਿਸਤਾਨ ਨਾਲ ਸਬੰਧਾਂ ਬਾਰੇ ਸਭ ਜਗ-ਜ਼ਾਹਰ ਹੈ, ਜਿਸ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਹਿਮਦਾਬਾਦ ਦੀ ਸਾਬਰਮਤੀ ਜੇਲ ਵਿੱਚ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਇਸ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ ਅਤੇ ਇਸ ਸਾਜ਼ਿਸ਼ ਨੂੰ ਜਲਦ ਬੇਨਕਾਬ ਕਰਕੇ ਦੋਸ਼ੀਆਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਕੀਮਤ ’ਤੇ ਸੂਬੇ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗੀ।