ਫਾਜ਼ਿਲਕਾ ਵਿਖੇ ਕਣਕ ਦੀ ਖਰੀਦ ਵਿਧਾਇਕ ਅਤੇ DC ਨੇ ਸ਼ੁਰੂ ਕਰਵਾਈ
ਫਾਜ਼ਿਲਕਾ 11 ਅਪ੍ਰੈਲ
ਫਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਅੱਜ ਸ਼ੁਰੂ ਹੋਈ। ਇਹ ਖਰੀਦ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸ਼ੁਰੂ ਕਰਵਾਈ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਨੂੰ ਸਖਤ ਤਾਕੀਦ ਕੀਤੀ ਗਈ ਹੈ ਕਿ ਮੰਡੀਕਰਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨਾਂ ਨੇ ਕਿਹਾ ਕਿ ਮੰਡੀ ਵਿੱਚ ਕਣਕ ਵੇਚਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾਵੇ ਇਸ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ 96 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੂੰ ਸਖਤ ਤਾਕੀਦ ਕੀਤੀ ਗਈ ਹੈ ਕਿ ਕਣਕ ਦੀ ਖਰੀਦ ਕਰਨ ਦੇ ਨਾਲ ਨਾਲ ਮੰਡੀਆਂ ਵਿੱਚੋਂ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ ।
ਇਸ ਮੌਕੇ ਐਸ ਡੀ ਐਮ ਸ੍ਰੀ ਕੰਵਰਜੀਤ ਸਿੰਘ ਮਾਨ, ਡੀਐਫਐਸਸੀ ਵੰਦਨਾ ਕੰਬੋਜ, ਸਕੱਤਰ ਮਾਰਕੀਟ ਕਮੇਟੀ ਮਨਦੀਪ ਰਹੇਜਾ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰ ਸ਼ਾਹ, ਪ੍ਰਧਾਨ ਆੜਤੀਆ ਯੂਨੀਅਨ ਗੋਲਡੀ ਸਚਦੇਵਾ ਤੋਂ ਇਲਾਵਾ ਕ੍ਰਿਸ਼ਨ ਕੰਬੋਜ, ਸੁਰਿੰਦਰ ਕਾਲੜਾ, ਰਮਨ ਸਚਦੇਵਾ, ਕੁਲਦੀਪ ਸਿੰਘ ਭੁੱਲਰ, ਰਾਜਨ ਸੇਤੀਆ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।