ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਸਿੱਖਿਆ ਖੇਤਰ ਵਿੱਚ ਬਣੇਗਾ ਦੇਸ਼ ਦਾ ਮੋਹਰੀ ਸੂਬਾ - ਚੇਅਰਮੈਨ ਰਮਨ ਬਹਿਲ
- ਚੇਅਰਮੈਨ ਰਮਨ ਬਹਿਲ ਨੇ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 5 ਸਕੂਲਾਂ ਚ ਕਰੀਬ 48 ਲੱਖ ਤੋਂ ਵਧੇਰੇ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਰੋਹਿਤ ਗੁਪਤਾ
ਗੁਰਦਾਸਪੁਰ, 11 ਅਪ੍ਰੈਲ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉੱਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਸਿੱਖਿਆ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 5 ਸਕੂਲਾਂ ਵਿੱਚ ਕਰੀਬ 48.34 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਰਸੋਲਾ, ਸਰਕਾਰੀ ਪ੍ਰਾਇਮਰੀ ਸਕੂਲ ਵਰਸੋਲਾ, ਸਰਕਾਰੀ ਪ੍ਰਾਇਮਰੀ ਸਕੂਲ ਚੌੜ ਸਿਧਵਾਂ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਮੋਹੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੀਲ ਪਰਸੋ ਕਾ ਪਿੰਡ ਵਿਖੇ 48.34 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਨਵੇਂ ਸਮਾਰਟ ਕਲਾਸ ਰੂਮ, ਸਾਇੰਸ ਲੈਬਾਂ, ਲਾਇਬ੍ਰੇਰੀਆਂ, ਚਾਰ ਦੀਵਾਰੀ ਅਤੇ ਮੁਰੰਮਤ ਦੇ ਕਾਰਜ ਕੀਤੇ ਗਏ ਹਨ। ਇਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਲੋਕ ਅਰਪਣ ਕੀਤਾ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੇ ਮੋਹਤਬਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੌਲਿਆ ਰੱਖਿਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ। ਸ੍ਰੀ ਬਹਿਲ ਨੇ ਕਿਹਾ ਕਿ ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿੱਦਿਅਕ ਟੂਰ, ਵਾਈ-ਫਾਈ ਸੁਵਿਧਾ, ਸਕੂਲਾਂ ਦੇ ਆਲ਼ੇ ਦੁਆਲੇ ਚਾਰਦੀਵਾਰੀ, ਸਕਿਉਰਿਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਖੇਡ ਮੈਦਾਨ, ਪੀਣ ਵਾਲਾ ਸਾਫ਼ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ-ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਆਰੰਭੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਉਦੇਸ਼ਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਹਰ ਪੱਖੋਂ ਮੋਹਰੀ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਬੱਚਿਆਂ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵਡਮੁੱਲਾ ਯੋਗਦਾਨ ਪਾ ਸਕਦੀ ਹੈ।