ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕਰਨ ਲਈ ਚਲਾਵੇ ਵਿਸ਼ੇਸ਼ ਮੁਹਿੰਮ - ਏ.ਡੀ.ਸੀ. ਡਾ. ਬੇਦੀ
ਰੋਹਿਤ ਗੁਪਤਾ
ਗੁਰਦਾਸਪੁਰ, 11 ਅਪ੍ਰੈਲ 2025 - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ।
ਜ਼ਿਲ੍ਹੇ ਵਿੱਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਹਰ ਬਲਾਕ ਵਿਚ ਲਗਾਏ ਨੋਡਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਦੇ ਸਰਪੰਚ ਅਤੇ ਨੰਬਰਦਾਰ ਨਾਲ ਮਿਲ ਕੇ ਇਕ ਮੀਟਿੰਗ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਪਿੰਡਾਂ ਕੋਈ ਵੀ ਕਿਸਾਨ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਪੰਚਾਂ, ਪੰਚਾਂ ਤੇ ਨੰਬਰਦਾਰਾਂ ਨਾਲ ਮਿਲ ਕੇ ਵਟਸਐਪ ਗਰੁੱਪ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਜਾਵੇ ਕਿ ਜੇਕਰ ਉਨ੍ਹਾਂ ਦੇ ਪਿੰਡ ਕੋਈ ਕਿਸਾਨ ਨਾੜ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਦੀ ਰਿਪੋਰਟ ਤੁਰੰਤ ਗਰੁੱਪ ਵਿਚ ਪਾਈ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਬਤੌਰ ਕਲੱਸਟਰ/ਨੋਡਲ ਅਫ਼ਸਰ ਲੱਗੀ ਹੈ, ਉਹ ਆਪਣੀ ਹਾਜ਼ਰੀ ਦਿੱਤੇ ਗਏ ਪਿੰਡਾਂ ਵਿੱਚ ਯਕੀਨੀ ਬਣਾਉਣਗੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੀ ਆਪਣੀਆਂ ਗਤੀਵਿਧੀਆਂ ਰਾਹੀਂ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗ੍ਰਿਤ ਕਰ ਰਿਹਾ ਹੈ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਮੁਹਿੰਮ ਨੂੰ ਜਨ ਲਹਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਿਆ ਗੁਪਤਾ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਡੀ.ਡੀ.ਪੀ.ਓ. ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।