ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਕੌਂਸਲਰਾਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ
ਅਸ਼ੋਕ ਵਰਮਾ
ਬਠਿੰਡਾ, 14 ਅਪ੍ਰੈਲ 2025 ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ 'ਤੇ, ਮੇਅਰ ਪਦਮਜੀਤ ਸਿੰਘ ਮਹਿਤਾ, ਆਪਣੇ ਸਾਥੀ ਕੌਂਸਲਰਾਂ ਨਾਲ, ਅੱਜ ਮਿੰਨੀ ਸਕੱਤਰੇਤ ਦੇ ਨੇੜੇ ਸਥਿਤ ਬਾਬਾ ਸਾਹਿਬ ਪਾਰਕ ਵਿੱਚ ਪਹੁੰਚੇ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਰਤਨ ਰਾਹੀ, ਰਜਿੰਦਰ ਸਿੰਘ ਸਿੱਧੂ, ਪਰਵਿੰਦਰ ਸਿੰਘ ਨੰਬਰਦਾਰ, ਵਿੱਕੀ ਨੰਬਰਦਾਰ, ਸਾਧੂ ਸਿੰਘ, ਰਣਦੀਪ ਰਾਣਾ, ਆਤਮਾ ਸਿੰਘ, ਚਰਨਜੀਤ ਭੋਲਾ, ਵਿਕਰਮ ਕ੍ਰਾਂਤੀ, ਰਾਜ ਮਹਿਰਾ, ਜਗਪਾਲ ਸਿੰਘ ਗੋਰਾ ਸਿੱਧੂ, ਟਰੱਕ ਅਪਰੇਟਰ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਗੀਤਾ, ਪੀ.ਏ.ਟੂ ਮੇਅਰ ਸੁਰੇਸ਼ ਸੇਤੀਆ ਅਤੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ। ਇਸ ਦੌਰਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਪਾਰਕ ਵਿੱਚ ਪੌਦੇ ਵੀ ਲਗਾਏ।
ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇਸ਼ ਲਈ ਇੱਕ ਮਹੱਤਵਪੂਰਨ ਸ਼ਖਸੀਅਤ ਹਨ, ਜਿਨ੍ਹਾਂ ਨੇ ਦੇਸ਼ ਦੇ ਸੰਵਿਧਾਨ ਨੂੰ ਬਣਾਇਆ, ਰਚਿਆ ਅਤੇ ਸਜਾਇਆ। ਜਿਸ ਕਾਰਨ ਅੱਜ ਭਾਰਤ ਦੇ ਨਾਗਰਿਕ ਕਾਨੂੰਨ ਅਤੇ ਨਿਯਮ ਅਧੀਨ ਏਕਤਾ ਤੇ ਪਿਆਰ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਜਾਤੀ ਭੇਦਭਾਵ ਨੂੰ ਖਤਮ ਕਰਕੇ ਦੇਸ਼ ਵਾਸੀਆਂ ਨੂੰ ਇੱਕਜੁੱਟ ਕੀਤਾ ਅਤੇ ਉਨ੍ਹਾਂ ਦੀ ਮਜ਼ਬੂਤ ਸੋਚ ਕਾਰਨ ਸਾਰੇ ਦੇਸ਼ ਵਾਸੀ ਉਨ੍ਹਾਂ ਦੇ ਮਾਰਗਦਰਸ਼ਨ 'ਤੇ ਚੱਲ ਰਹੇ ਹਨ। ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਤੋਂ ਸਿੱਖਣ ਲਈ ਬਹੁਤ ਕੁੱਝ ਹੈ, ਜਿਨ੍ਹਾਂ ਨੇ ਆਪਣੀ ਜਵਾਨੀ ਵਿੱਚ ਅਮਰੀਕਾ ਅਤੇ ਇੰਗਲੈਂਡ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਚੰਗੀ ਸਿੱਖਿਆ ਪ੍ਰਾਪਤ ਕੀਤੀ ਅਤੇ ਭਾਰਤ ਦੇ ਸੰਵਿਧਾਨ ਦੀ ਰਚਨਾ ਕੀਤੀ।
ਉਨ੍ਹਾਂ ਕਿਹਾ ਕਿ ਡਾਕਟਰ ਅੰਬੇਦਕਰ ਦੀ ਚੰਗੀ ਸੋਚ ਨੂੰ ਦੇਸ਼ ਦੇ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਅਪਣਾਉਣਾ ਚਾਹੀਦਾ ਹੈ। ਬਾਬਾ ਸਾਹਿਬ ਜੀ ਦੀ ਮਿਸਾਲ 'ਤੇ ਚੱਲਦੇ ਹੋਏ, ਦੇਸ਼ ਦੇ ਨੌਜਵਾਨ, ਵਿਦੇਸ਼ਾਂ ਵਿੱਚ ਜਾ ਕੇ ਸਿੱਖਣ, ਚੰਗੀ ਸਿੱਖਿਆ ਪ੍ਰਾਪਤ ਕਰਨ ਅਤੇ ਬਾਅਦ ਵਿੱਚ ਆਪਣੇ ਦੇਸ਼ ਭਾਰਤ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਦੇਣ, ਤਾਂ ਜੋ ਦੇਸ਼ ਨੂੰ ਤਰੱਕੀ ਵੱਲ ਲਿਜਾਇਆ ਜਾ ਸਕੇ, ਇਹੀ ਸਿੱਖਿਆ ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਤੋਂ ਮਿਲਦੀ ਹੈ। ਮੇਅਰ ਸ਼੍ਰੀ ਮਹਿਤਾ ਨੇ ਕਿਹਾ, "ਮੈਨੂੰ ਖੁਸ਼ੀ ਹੈ ਕਿ ਮੈਂ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰ ਰਿਹਾ ਹਾਂ"। ਉਨ੍ਹਾਂ ਦੇਸ਼ ਦੇ ਨਾਗਰਿਕਾਂ ਨੂੰ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਅਤੇ ਉਨ੍ਹਾਂ ਦੇ ਵਿਚਾਰਾਂ 'ਤੇ ਪਹਿਰਾ ਦੇ ਕੇ ਦੇਸ਼ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਸਾਥੀ ਕੌਂਸਲਰ ਵੀ ਉਨ੍ਹਾਂ ਨਾਲ ਮੌਜੂਦ ਹਨ, ਜੋ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਬਹੁਤ ਉੱਚਾ ਦਰਜਾ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਜੀ ਸਾਰੇ ਸਫਾਈ ਕਰਮਚਾਰੀਆਂ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਦਿਲਾਂ ਵਿੱਚ ਵੀ ਜ਼ਿੰਦਾ ਹਨ। ਵਿਦੇਸ਼ੀ ਧਰਤੀ 'ਤੇ ਬੈਠੇ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਤੋੜਨ ਸੰਬੰਧੀ ਦਿੱਤੇ ਗਏ ਬਿਆਨ ਦੀ ਨਿੰਦਾ ਕਰਦਿਆਂ ਮਾਣਯੋਗ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਦੇਸ਼ ਨੂੰ ਤੋੜਨ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਤਾਕਤਾਂ ਨੂੰ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਦੇਸ਼ ਨੂੰ ਵੰਡਣ ਦੀ ਗੱਲ ਨਹੀਂ ਕਰਨੀ ਚਾਹੀਦੀ ਅਤੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣੀ ਚਾਹੀਦੀ। ਇਸ ਦੇ ਨਾਲ ਹੀ, ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਤੋਂ ਪ੍ਰਭਾਵਿਤ ਨਾ ਹੋਣ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ ਏਕਤਾ ਤੇ ਪਿਆਰ ਬਣਾਈ ਰੱਖਣ।