ਜਲੰਧਰ ਦੇ 28 ਸਰਕਾਰੀ ਸਕੂਲਾਂ ’ਚ 2.07 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸਮਰਪਿਤ
- ਵਿਧਾਇਕਾਂ ਵੱਲੋਂ ਸਮਾਰਟ ਕਲਾਸਰੂਮਜ਼, ਕਾਮਰਸ ਬਲਾਕ, ਖੇਡ ਦੇ ਮੈਦਾਨ, ਚਾਰਦਿਵਾਰੀ ਦਾ ਉਦਘਾਟਨ
- ਕਿਹਾ, ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਨਵੇਂ ਮਿਆਰ ਕਾਇਮ ਕਰਨ ਲਈ ਵਚਨਬੱਧ
ਜਲੰਧਰ, 15 ਅਪ੍ਰੈਲ 2025: ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਦੇ 28 ਸਰਕਾਰੀ ਸਕੂਲਾਂ ਵਿੱਚ 2.07 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ।
ਇਸ ਪਹਿਲਕਦਮੀ ਤਹਿਤ ਜਿਥੇ ਪ੍ਰਾਇਮਰੀ ਸਕੂਲਾਂ ਵਿੱਚ 70,35,672 ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਉਥੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ 1,37,56,930 ਰੁਪਏ ਦੀ ਲਾਗਤ ਨਾਲ ਤਿਆਰ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਮਾਰਟ ਕਲਾਸ ਰੂਮਜ਼, ਕਾਮਰਸ ਬਲਾਕ, ਖੇਡ ਦੇ ਮੈਦਾਨ, ਚਾਰਦਿਵਾਰੀ ਤੋਂ ਇਲਾਵਾ ਜ਼ਰੂਰੀ ਮੁਰੰਮਤ ਦੇ ਕੰਮ ਸ਼ਾਮਲ ਹਨ।
ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਆਪੋ-ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ ਜਦਕਿ ਜ਼ਿਲ੍ਹੇ ਦੇ ਹੋਰਨਾਂ ਸਰਕਾਰੀ ਸਕੂਲਾਂ ਵਿੱਚ ਵੀ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ।
ਕਰਤਾਰਪੁਰ ਹਲਕੇ ਵਿੱਚ ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸਜ਼ਾਵਾਰ, ਬੁੱਲੋਵਾਲ ਅਤੇ ਬੁੱਟਰਾਂ ਵਿਖੇ 6.88 ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ।
ਇਸੇ ਤਰ੍ਹਾਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੰਗ ਸਾਹਿਬ ਰਾਏ, ਬਿੱਲਾ ਨਵਾਬ, ਤਲਵੰਡੀ ਭਰੋ ਅਤੇ ਹੇਰਾਂ ਵਿਖੇ 21.86 ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਸਮਾਗਮਾਂ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸੇਵਾ ਸ਼ੁਰੂ ਕਰਨਾ, ਡਿਜੀਟਲ ਸਿਖ਼ਲਾਈ ਨੂੰ ਉਤਸ਼ਾਹਿਤ ਕਰਨਾ ਵਰਗੇ ਕਈ ਉਪਰਾਲੇ ਸ਼ਾਮਲ ਹਨ।