ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਈ ਟੀ ਓ
* ਕਿਸਾਨਾਂ ਦੀ ਫਸਲ ਦੀ 24 ਘੰਟੇ ਚ ਹੋਵੇਗੀ ਅਦਾਇਗੀ ਤੇ ਖਰੀਦ
* ਕੈਬਨਿਟ ਮੰਤਰੀ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ
ਬਲਰਾਜ ਸਿੰਘ ਰਾਜਾ
ਬਾਬਾ ਬਕਾਲਾ (ਤਰਸਿੱਕਾ), 18 ਅਪ੍ਰੈਲ 2025 - ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਮਹਿਤਾ, ਤਰਸਿੱਕਾ, ਟਾਂਗਰਾ ਅਤੇ ਜੰਡਿਆਲਾ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਇਸ ਮੌਕੇ ਤਰਸਿੱਕਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਵੀ ਸ਼ੁਰੂ ਕਰਵਾਈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ 24 ਘੰਟੇ ਅੰਦਰ ਖਰੀਦ ਤੇ ਵੇਚੀ ਗਈ ਫਸਲ ਦੀ ਤੈਅ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਜਿਆਦਾ ਦੇਰ ਨਾ ਬੈਠਣਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਹੁਣ ਵੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੋਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਹਮੇਸ਼ਾਂ ਹੀ ਕਿਸਾਨੀ ਹਿੱਤਾਂ ਨੂੰ ਤਰਜ਼ੀਹ ਦਿੱਤੀ ਹੈ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਕਿਸਾਨ ਪੱਖੀ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖਰੀਦ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਲਾਇਟ ਤੇ ਬੈਠਣ ਲਈ ਛਾਂਦਾਰ ਜਗ੍ਹਾਂ ਦੇ ਨਾਲ-ਨਾਲ ਹੋਰ ਜਰੂਰੀ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ।
ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਕਣਕ ਦੀ ਕਟਾਈ ਕੰਬਾਇਨਾਂ ਨਾਲ ਨਾ ਕਰਵਾਈ ਜਾਵੇ ਕਿਉਂਕਿ ਰਾਤ ਸਮੇਂ ਕਣਕ ਕਟਵਾਉਣ ਨਾਲ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਤੈਅ ਨਮੀਂ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਲਈ ਮੰਡੀਆਂ ਵਿੱਚ ਨਾ ਬੈਠਣਾ ਪਵੇ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਕਿਸਾਨ, ਆੜਤੀਆ ਐਸੋਸੀਏਸ਼ਨ ਦੇ ਮੈਂਬਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।