ਵੱਡੀ ਖ਼ਬਰ: ਭਗਵੰਤ ਮਾਨ ਵੱਲੋਂ ਸਾਰੇ DCs ਨੂੰ ਦਿੱਤੇ ਫਸਲਾਂ ਦੇ ਨੁਕਸਾਨ ਦੀ ਜਾਂਚ ਕਰਨ ਦੇ ਹੁਕਮ
ਸੂਬੇ 'ਚ 124 ਲੱਖ ਮੀਟਰਕ ਟਨ ਹੋਈ ਕਣਕ ਦੀ ਫਸਲ: ਮੰਤਰੀ ਕਟਾਰੂਚੱਕ
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ ਦੇ ਨੁਕਸਾਨ ਦੀ ਜਾਂਚ ਕਰਨ ਦੇ ਦਿੱਤੇ ਨਿਰਦੇਸ਼ ,ਹਰ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ
ਪੰਜਾਬ ਭਰ ਦੀਆਂ ਮੰਡੀਆਂ ਵਿੱਚ 37 ਲੱਖ ਮੀਟਰਕ ਟਨ ਕਣਕ ਦੀ ਆਮਦ, 33.50 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ , ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾਂ ਹੋਏ 3200 ਕਰੋੜ ਰੁਪਏ
ਦਸੂਹਾ, ਹੁਸ਼ਿਆਰਪੁਰ, 21 ਅਪ੍ਰੈਲ 2025- ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਲਈ ਕੇਂਦਰੀ ਪੂਲ ਭਾਵ, 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਨਿਰਵਿਘਨ ਪ੍ਰਾਪਤ ਕੀਤਾ ਜਾ ਸਕਦਾ ਹੈ। ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਸੂਹਾ ਅਨਾਜ ਮੰਡੀ ਵਿਖੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨਾਲ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ, ਮੰਤਰੀ ਨੇ ਕਿਹਾ ਕਿ ਹੁਣ ਤੱਕ ਪੰਜਾਬ ਭਰ ਦੀਆਂ ਮੰਡੀਆਂ ਵਿੱਚ 37 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ,ਜਿਸ ਵਿੱਚੋਂ 33.50 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 3200 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।
ਮੰਤਰੀ ਨੇ ਕਿਹਾ ਕਿ ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ। ਕਿਸਾਨਾਂ ਨੂੰ ਭੁਗਤਾਨ ਦਾ ਹਵਾਲਾ ਦਿੰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ।
ਪੰਜਾਬ ਸਰਕਾਰ ਨੂੰ 28894 ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਾਪਤ ਹੋਈ ਹੈ ਅਤੇ ਭੁਗਤਾਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ ਕਿਉਂਕਿ ਸਾਰੀਆਂ ਸਹੂਲਤਾਂ ਅਤੇ ਤਿਆਰੀਆਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ, ਖਰੀਦ ਏਜੰਸੀਆਂ ਅਤੇ ਹੋਰ ਭਾਈਵਾਲਾਂ ਨੂੰ ਲੋੜੀਂਦੇ ਬਾਰਦਾਨੇ, ਤਰਪਾਲਾਂ ਅਤੇ ਕਰੇਟਾਂ ਸਮੇਤ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਾੜੇ ਮੌਸਮ ਦੀ ਸਥਿਤੀ ਵਿੱਚ ਫਸਲ ਦੀ ਸੁਰੱਖਿਆ ਕੀਤੀ ਜਾ ਸਕੇ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਆਮਦ ਬਾਰੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਅੱਜ ਤੱਕ 22898 ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ ਲਗਭਗ 21521 ਮੀਟਰਕ ਟਨ ਖਰੀਦੀ ਗਈ ਹੈ ਅਤੇ 25.54 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਗਈ ਹੈ।