‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜਲੰਧਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ 72.26 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ
ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਨਵੇਂ ਰਿਕਾਰਡ ਕਾਇਮ ਕੀਤੇ : ਬਲਕਾਰ ਸਿੰਘ
ਜਲੰਧਰ, 21 ਅਪ੍ਰੈਲ: ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 25 ਸਰਕਾਰੀ ਸਕੂਲਾਂ ਵਿੱਚ 72.26 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਜ਼ਿਲ੍ਹੇ ਦੇ 18 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 33.49 ਲੱਖ ਅਤੇ ਸਰਕਾਰੀ ਮਿਡਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 38.77 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਕਲਾਸ ਰੂਮ, ਸਾਇੰਸ ਲੈਬੋਰੇਟਰੀਜ਼, ਸਕੂਲਾਂ ਦੀ ਚਾਰਦੀਵਾਰੀ ਅਤੇ ਹੋਰ ਲੋੜੀਂਦੇ ਮੁਰੰਮਤ ਦੇ ਕੰਮ ਮੁਕੰਮਲ ਕਰਵਾਏ ਗਏ, ਜਿਸ ਨਾਲ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ।
ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ’ ਸਰਕਾਰੀ ਪ੍ਰਾਇਮਰੀ ਸਕੂਲ ਨੌਗੱਜਾ, ਫਰੀਦਪੁਰ ਤੇ ਰਾਹੀਮਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਹੀਮਪੁਰ, ਮੁਸਤਫਾਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਗੱਜਾ ਵਿਖੇ 39.33 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਸ ਮੌਕੇ ਸਕੂਲਾਂ ਵਿਚ ਕਰਵਾਏ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਕਾਇਮ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਤਰੀਕੇ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਦੇਸ਼ਾਂ ਦੀਆਂ ਉਚ ਕੋਟੀ ਦੀਆਂ ਸੰਸਥਾਵਾਂ ਤੋਂ ਸਿਖਲਾਈ ਦੁਆਈ ਗਈ ਹੈ। ਬੱਸ ਸੇਵਾ ਦੀ ਸ਼ੁਰੂਆਤ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਵੀ ਤਾਇਨਾਤ ਕੀਤੇ ਗਏ ਹਨ।
ਇਸੇ ਤਰ੍ਹਾਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਾਂ (ਲੜਕੇ), ਸਰਕਾਰੀ ਪ੍ਰਾਇਮਰੀ ਸਕੂਲ ਸੰਧਮ, ਸਰਕਾਰੀ ਪ੍ਰਾਇਮਰੀ ਸਕੂਲ ਡਮੌਲੀ, ਸਰਕਾਰੀ ਪ੍ਰਾਇਮਰੀ ਸਕੂਲ ਮਾਣਕ ਰਾਏ, ਸਰਕਾਰੀ ਮਿਡਲ ਸਕੂਲ ਇੱਟਾਂ ਬੱਧੀ, ਸਰਕਾਰੀ ਮਿਡਲ ਸਕੂਲ ਮਾਣਕ ਰਾਏ ਵਿਖੇ 12.70 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਵਿਧਾਨ ਸਭਾ ਹਲਕਾ ਫਿਲੌਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਬਕਾਪੁਰ, ਸਰਕਾਰੀ ਪ੍ਰਾਇਮਰੀ ਸਕੂਲ ਦੋਸਾਂਝ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕੁਤਬੇਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਠੱਡਾ ਖੁਰਦ ਵਿਖੇ 6.82 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਵਿਧਾਨ ਸਭਾ ਹਲਕਾ ਸ਼ਾਹਕੋਟ ਦੇ 6 ਸਰਕਾਰੀ ਪ੍ਰਾਇਰਮੀ ਸਕੂਲ ਈਸੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਰੂਪੇਵਾਲ, ਸਰਕਾਰੀ ਪ੍ਰਾਇਰਮੀ ਸਕੂਲ ਬਾਦਸ਼ਾਹਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਵਾਲ ਮਾਲਾ, ਸਰਕਾਰੀ ਪ੍ਰਾਇਮਰੀ ਸਕੂਲ ਅਲੀਵਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੂਲੇਵਾਲ ਅਰਾਈਆਂ ਵਿਖੇ ਵੀ 9.94 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਵਿਖੇ ਸਰਕਾਰੀ ਪ੍ਰਾਇਰਮੀ ਸਕੂਲ ਸਮਰਾਏ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਮਰਾਏ (ਲੜਕੇ) ਵਿਖੇ 3.47 ਲੱਖ ਰੁਪਏ ਨਾਲ ਮੁਕੰਮਲ ਹੋਏ ਵਿਕਾਸ ਕਾਰਜ ਸਮਰਪਿਤ ਕੀਤੇ ਗਏ।