ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ - ਸੇਖਵਾਂ
ਰੋਹਿਤ ਗੁਪਤਾ
ਗੁਰਦਾਸਪੁਰ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਹੁਣ ਸਰਕਾਰੀ ਸਕੂਲਾਂ ਵਿਚ ਵੀ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਦੇਣ ਲਈ ਆਧੁਨਿਕ ਕਲਾਸ ਰੂਮ ਬਣਾਏ ਜਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਮਿਡਲ ਸਕੂਲ ਸਰਕਾਰੀ ਗਿੱਲ ਮੰਝ ਅਤੇ ਸਰਕਾਰੀ ਮਿਡਲ ਸਕੂਲ, ਛੀਨਾ ਰੇਤਲਾ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰਕੇ ਸਰਕਾਰੀ ਸਕੂਲਾਂ ਵਿਚ ਬੱਚਿਆ ਦੀ ਗਿਣਤੀ ਕਾਫ਼ੀ ਘੱਟ ਗਈ ਸੀ। ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਸਕੂਲਾਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸਰਕਾਰੀ ਮਿਡਲ ਸਕੂਲ ਗਿੱਲ ਮੰਝ ਵਿਖੇ ਖੇਡਾਂ ਦਾ ਟਰੈਕ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਇੱਕ ਵਾਲੀਬਾਲ ਦੀ ਗਰਾਊਂਡ ਮਨਜ਼ੂਰ ਹੋ ਗਈ ਹੈ ਅਤੇ ਜਲਦੀ ਹੀ ਇਸ ਉੱਪਰ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦੀ ਸਫ਼ਾਈ ਤੇ ਨਵੀਨੀਕਰਨ ਦਾ ਪ੍ਰੋਜੈਕਟ ਵੀ ਜਲਦ ਹੀ ਸ਼ੁਰੂ ਕੀਤਾ ਜਾਵੇਗਾ। ਸ. ਸੇਖਵਾਂ ਨੇ ਕਿਹਾ ਕਿ ਪਿੰਡ ਗਿੱਲ ਮੰਝ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਪਿੰਡ ਤੇ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਸਾਥ ਦੇ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ।
ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਇਸ ਉਪਰੰਤ ਸਕੂਲ ਸਟਾਫ਼ ਵੱਲੋਂ ਚੇਅਰਮੈਨ ਸੇਖਵਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।