ਵਿਧਾਇਕ ਅਮੋਲਕ ਸਿੰਘ ਨੇ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪਰਵਿੰਦਰ ਸਿੰਘ ਕੰਧਾਰੀ
ਜੈਤੋ 22 ਅਪ੍ਰੈਲ () ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਤੇ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਰਾਜ ਦੇ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿਥੇ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਲਈ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਕ ਯੋਜਨਾ ਨਹੀਂ ਬਲਕਿ ਰਾਜ ਦੇ ਬੱਚਿਆ ਦੇ ਉਜਵੱਲ ਭਵਿੱਖ ਦੀ ਦਿਸ਼ਾ ਵਿਚ ਠੋਸ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਇਸ ਤਰ੍ਹਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਨਿਜੀ ਸਕੂਲਾਂ ਤੋਂ ਪਿੱਛੇ ਨਾ ਰਹਿਣ।
ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ, ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ 29.03 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਲੰਬਵਾਲੀ ਵਿਖੇ 12.50 ਲੱਖ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।ਜਿੰਨਾ ਵਿੱਚ ਆਧੁਨਿਕ ਰੂਮ, ਚਾਰਦੀਵਾਰੀ, ਬਾਥਰੂਮ, ਬਾਸਕਿਟ ਬਾਲ ਗਰਾਊਂਡ ਆਦਿ ਕੰਮ ਸ਼ਾਮਲ ਹਨ।
ਇਸ ਮੌਕੇ ਲਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕਿਟ ਕਮੇਟੀ, ਐਡਵੋਕੇਟ ਹਰਸਿਮਰਨ ਮਲਹੋਤਰਾ, ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਓੜਾ, ਨੋਡਲ ਅਫਸਰ ਦੀਪਕ ਕੁਮਾਰ, ਪ੍ਰਿੰ. ਪੰਨਾ ਲਾਲ, ਜਿਲ੍ਹਾ ਗਾਇਡੈਂਸ ਕੌਸਲਰ ਸ੍ਰੀ ਜਸਬੀਰ ਜੱਸੀ, ਸੁਸ਼ੀਲ ਆਹੁਜਾ ਬੀ.ਪੀ.ਈ.ਓ, ਕਪਿਲ ਕੁਮਾਰ ਮੁੱਖ ਅਧਿਆਪਕ, ਦਿਨੇਸ਼ ਕੁਮਾਰ ਮੁੱਖ ਅਧਿਆਪਕ , ਤਰਸੇਮ ਮੌਂਗਾ ਮੁੱਖ ਅਧਿਆਪਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਤੇ ਪਿੰਡ ਵਾਸੀ ਹਾਜ਼ਰ ਸਨ।