ਝੱਖੜ ਤੇ ਭਾਰੀ ਬਰਸਾਤਾਂ ਕਾਰਣ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ: ਅਕਾਲੀ ਦਲ
- ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਅੱਗ ਕਾਰਣ ਨੁਕਸਾਨੀ ਗਈ, ਉਹਨਾਂ ਨੂੰ ਵੀ ਤੁਰੰਤ ਮੁਆਵਜ਼ਾ ਦਿੱਤਾ ਜਾਵੇ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 22 ਅਪ੍ਰੈਲ 2025: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਝੱਖੜ ਤੇ ਭਾਰੀ ਬਰਸਾਤਾਂ ਕਾਰਣ ਸੂਬੇ ਵਿਚ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਖਾਸ ਤੌਰ ’ਤੇ ਰੋਪੜ ਤੇ ਨੂਰਪੁਰ ਬੇਦੀ ਇਲਾਕੇ ਵਿਚ ਇਸ ਗਿਰਦਾਵਰੀ ਦੀ ਬਹੁਤ ਜ਼ਰੂਰਤ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਖਰਾਬ ਮੌਸਮ ਦੇ ਕਾਰਣ ਕਣਕ ਦੀ ਖੜ੍ਹੀ ਫਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਤੋਂ ਇਲਾਵਾ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਨੁਕਸਾਨ ਅਗਜ਼ਨੀ ਦੀਆਂ ਘਟਨਾਵਾਂ ਕਾਰਣ ਹੋਇਆ, ਉਹਨਾਂ ਨੂੰ ਵੀ ਤੁਰੰਤ ਮੁਆਵਜ਼ਾ ਦਿੱਤਾ ਜਾਵੇ।
ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਮੌਕੇ ’ਤੇ ਕਿਸਾਨਾਂ ਦੇ ਹੱਕ ਵਿਚ ਨਿਤਰਣ ਦੇ ਆਮ ਆਦਮੀ ਪਾਰਟੀ (ਆਪ) ਸਰਕਾਰ ਹਾਲਾਤਾਂ ਪ੍ਰਤੀ ਅੱਖਾਂ ਮੀਟ ਕੇ ਬੈਠੀ ਹੈ। ਉਹਨਾਂ ਕਿਹਾ ਕਿ ਸੈਂਕੜੇ ਏਕੜ ਵਿਚ ਕਣਕ ਦੀ ਖੜ੍ਹੀ ਫਸਲ ਬਰਬਾਦ ਹੋ ਗਈ ਹੈ ਪਰ ਹਾਲੇ ਤੱਕ ਗਿਰਦਾਵਰੀ ਦੇ ਹੁਕਮ ਨਹੀਂ ਦਿੱਤੇ ਗਏ। ਉਹਨਾਂ ਕਿਹਾ ਕਿ ਇਸੇ ਤਰੀਕੇ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਅਗਜ਼ਨੀ ਦੀਆਂ ਘਟਨਾਵਾਂ ਕਾਰਣ ਨੁਕਸਾਨੀ ਗਈ ਹੈ, ਉਹਨਾਂ ਨੂੰ ਵੀ ਆਪਣੇ ਕੇਸ ਪੇਸ਼ ਕਰਨ ਲਈ ਸਰਕਾਰੀ ਦਫਤਰਾਂ ਦੇ ਗੇੜੇ ਲਗਾਉਣੇ ਪੈ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਸਾਰੀ ਮਸ਼ੀਨਰੀ ਦੀ ਦੁਰਵਰਤੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਾਸਤੇ ਕੀਤੀ ਜਾ ਰਹੀ ਹੈ।