ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਕੀਤਾ ਜਾ ਰਿਹਾ ਹੈ ਜਾਗਰੂਕ
- ਜਾਗਰੂਕਤਾ ਵੈਨ ਰਾਹੀਂ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਤੱਕ ਕੀਤੀ ਜਾ ਰਹੀ ਹੈ ਪਹੁੰਚ
ਰੋਹਿਤ ਗੁਪਤਾ
ਗੁਰਦਾਸਪੁਰ, 22 ਅਪ੍ਰੈਲ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਨੂੰ ਕਾਮਯਾਬ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ ਜੋ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਜਾਗਰੂਕਤਾ ਵੈਨ ਚਲਾਈ ਗਈ ਹੈ ਜੋ ਜ਼ਿਲ੍ਹੇ ਦੇ ਹਰੇਕ ਪਿੰਡ ਤੇ ਸ਼ਹਿਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਵੈਨ ਰਾਹੀਂ ਪੈਂਫ਼ਲਿਟ ਵੰਡ ਕੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਲਈ ਦੱਸਿਆ ਜਾ ਰਿਹਾ ਹੈ ਅਤੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸਦੇ ਇਲਾਜ ਲਈ ਆਪਣੇ ਨੇੜੇ ਦੇ ਓਟ ਕੇਂਦਰ ਜਾਂ ਸਿਵਲ ਹਸਪਤਾਲ ਗੁਰਦਾਸਪੁਰ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਰਾਹੁਲ ਦੇ ਮੋਬਾਈਲ ਨੰਬਰ 98783-64398 ਜਾਂ ਬਟਾਲਾ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਡੇਵਿਡ ਗਿੱਲ ਦੇ ਨੰਬਰ 98760-73836 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਨਸ਼ਾ ਤਸਕਰ ਬਾਰੇ ਜਾਣਕਾਰੀ ਰੱਖਦੇ ਹਨ ਤਾਂ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਸਮਾਜ ਦੇ ਦੁਸ਼ਮਣਾਂ ਨੂੰ ਕਾਨੂੰਨ ਮੁਤਾਬਿਕ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜੰਗ ਨੂੰ ਜਿੱਤ ਕੇ ਹੀ ਰਹੇਗਾ।