ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ, ਆਈਜੀ ਤੇ ਐਸਐਸਪੀ ਨੇ ਕੀਤੀ ਅਗਵਾਈ
ਨਸ਼ੇ ਵਿੱਚ ਲੱਗੇ ਲੋਕਾਂ ਦੀ ਤਲਾਸ਼ ਲਈ ਪੁਲਿਸ ਸਰਗਰਮ
ਫਾਜ਼ਿਲਕਾ 24 ਅਪ੍ਰੈਲ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਆਪਰੇਸ਼ਨ ਦੀ ਅਗਵਾਈ ਸ੍ਰੀ ਬਲਜੋਤ ਸਿੰਘ ਰਾਠੌੜ ਆਈਪੀਐਸ ਆਈਜੀ ਜੀਆਰਪੀ ਪੰਜਾਬ ਵੱਲੋਂ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ਤੇ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ।
ਇਸ ਦੌਰਾਨ ਰਾਧਾ ਸੁਆਮੀ ਕਲੋਨੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਬਲਜੋਤ ਸਿੰਘ ਰਠੌੜ ਆਈਪੀਐਸ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ 13 ਡਰੱਗ ਹੌਟਸਪੋਟ ਏਰੀਆ ਵਿੱਚ ਨਸ਼ੇ ਤਸਕਰੀ ਵਿੱਚ ਲੱਗੇ ਸ਼ੱਕੀ ਲੋਕਾਂ ਦੇ ਟਿਕਾਣਿਆਂ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਰੀਕੀ ਨਾਲ ਉਹਨਾਂ ਲੋਕਾਂ ਨੂੰ ਲੱਭਿਆ ਜਾ ਰਿਹਾ ਹੈ, ਜੋ ਇਸ ਕਾਲੇ ਕਾਰੋਬਾਰ ਵਿੱਚ ਲੱਗੇ ਹਨ। ਉਹਨਾਂ ਨੇ ਚਿਤਾਵਨੀ ਦਿੱਤੀ ਕਿ ਨਸ਼ੇ ਤਸਕਰੀ ਵਿੱਚ ਸ਼ਾਮਿਲ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਦੱਸਿਆ ਕਿ 350 ਤੋਂ ਵੱਧ ਪੁਲਿਸ ਕਰਮੀ ਅੱਜ ਦੇ ਇਸ ਅਭਿਆਨ ਵਿੱਚ ਲੱਗੇ ਹਨ, ਜਿਸ ਵਿੱਚ ਵੱਖ-ਵੱਖ ਥਾਵਾਂ ਤੇ ਸੀਨੀਅਰ ਪੁਲਿਸ ਅਧਿਕਾਰੀ ਇਸ ਸਰਚ ਅਭਿਆਨ ਦੀ ਨਿਗਰਾਨੀ ਕਰ ਰਹੇ ਹਨ।
ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਰੋਜ਼ ਇਸ ਕਾਲੇ ਧੰਦੇ ਵਿੱਚ ਲੱਗੇ ਲੋਕਾਂ ਨੂੰ ਕਾਬੂ ਕਰਕੇ ਜੇਲ ਭੇਜਿਆ ਜਾ ਰਿਹਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤਸਕਰੀ ਵਿੱਚ ਲੱਗੇ ਲੋਕਾਂ ਦੀ ਸੂਚਨਾ ਬੇਝਿਜਕ ਪੁਲਿਸ ਨੂੰ ਦੇਣ। ਉਹਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਉਹਨਾਂ ਨੇ ਦੱਸਿਆ ਕਿ ਇਸ ਲਈ ਲੋਕ 97791-00200 ਨੰਬਰ ਤੇ ਵਟੱਸਅੱਪ ਸੁਨੇਹੇ ਰਾਹੀਂ ਜਾਣਕਾਰੀ ਦੇ ਸਕਦੇ ਹਨ। ਇਸ ਮੌਕੇ ਉਨਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਿਤ ਹੈ ਤਾਂ ਅਜਿਹੇ ਪੀੜਤਾਂ ਨੂੰ ਇਲਾਜ ਲਈ ਨਸ਼ਾ ਮੁਕਤੀ ਕੇਂਦਰ ਵਿੱਚ ਭੇਜਿਆ ਜਾਵੇ। ਇਸ ਮੌਕੇ ਐਸਪੀ ਇਨਵੈਸਟੀਗੇਸ਼ਨ ਸ੍ਰੀ ਮੁਖਤਿਆਰ ਰਾਏ, ਡੀਐਸਪੀ ਸਬ ਡਵੀਜ਼ਨ ਫਾਜ਼ਿਲਕਾ ਸ੍ਰੀ ਤਰਸੇਮ ਮਸੀਹ ਵੀ ਹਾਜ਼ਰ ਸਨ।