ਕਣਕ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ- ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਰੋਹਿਤ ਗੁਪਤਾ
ਬਟਾਲਾ, 24 ਅਪ੍ਰੈਲ 2025 - ਸੁਖਜਿੰਦਰ ਸਿੰਘ, ਡੀ.ਐਫ.ਐਸ.ਸੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਾਣਾ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਦਾਣਾ ਮੰਡੀ ਫਤਿਹਗੜ੍ਹ ਚੂੜੀਆਂ ਵਿਖੇ ਫਸਲ ਦੀ ਚੁਕਾਈ ਨਾ ਹੋਣ ਕਰਕੇ ਟਰਾਂਸਪੋਰਟ ਟੈਂਡਰ ਦੇ ਠੇਕੇਦਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਮੰਡੀ ਵਿੱਚ ਫਸਲ ਦੀ ਖਰੀਦ ਦੇ ਨਾਲ-ਨਾਲ ਚੁਕਾਈ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਦਾਣਾ ਮੰਡੀ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ 92 ਮੰਡੀਆਂ ਬਣਾਈਆਂ ਗਈਆਂ ਹਨ ਅਤੇ ਦੋ ਆਰਜ਼ੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀਂ ਨਹੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਫ਼ਾਈ, ਬਿਜਲੀ, ਪਾਣੀ ਅਤੇ ਬੈਠਣ ਲਈ ਛਾਂ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 6.68 ਲੱਖ ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਹੁਣ ਤੱਕ 1 ਲੱਖ ਤੋਂ ਵੱਧ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।