ਸਰਕਾਰੀ ਸਕੂਲਾਂ ਦੀ ਹਰ ਲੋੜ ਨੂੰ ਕੀਤਾ ਜਾ ਰਿਹਾ ਪੂਰਾ : ਚੇਅਰਮੈਨ ਰਾਕੇਸ਼ ਪੁਰੀ
ਅਸ਼ੋਕ ਵਰਮਾ
ਬਠਿੰਡਾ, 24 ਅਪ੍ਰੈਲ 2025 : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਹਰ ਇੱਕ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੇਅਰਮੈਨ, ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਨੇ ਸਰਕਾਰੀ ਪ੍ਰਾਇਮਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆ, ਸਰਕਾਰੀ ਹਾਈ ਸਕੂਲ ਤਿਉਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੂੰਬਾ ਦੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਉਪਰੰਤ ਕੀਤਾ।
ਇਸ ਮੌਕੇ ਚੇਅਰਮੈਨ, ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖ ਤੋਂ ਘੱਟ ਨਹੀਂ ਹਨ। ਲੋਕਾਂ ਦਾ ਸਰਕਾਰੀ ਸਕੂਲਾਂ ਵਿਚ ਵਿਸਵਾਸ਼ ਪੈਦਾ ਹੋ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਦੀ ਨੁਹਾਰ ਬਦਲਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਮੰਤਵ ਹੈ।
ਇਸ ਮੌਕੇ ਸ਼੍ਰੀ ਰਾਕੇਸ਼ ਪੁਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ, ਆਧੁਨਿਕ ਲਾਇਬ੍ਰੇਰੀਆਂ ਅਤੇ ਸਾਇੰਸ ਲੈਬਜ਼ ਇਸੇ ਉਦੇਸ਼ ਦੀ ਉਪਜ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਹੂਲਤ ਪੱਖੋ ਉੱਤਮ ਬਣਾਇਆ ਜਾਵੇਗਾ ਤਾਂ ਜੋ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।