ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸੱਤ ਸਰਕਾਰੀ ਸਕੂਲਾਂ ‘ਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 1.5 ਕਰੋੜ ਦੇ ਕੰਮ ਲੋਕ ਅਰਪਿਤ
- ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ: ਮੰਤਰੀ ਅਮਨ ਅਰੋੜਾ
ਦਲਜੀਤ ਕੌਰ
ਸੁਨਾਮ ਊਧਮ ਸਿੰਘ ਵਾਲਾ/ਚੀਮਾ, 24 ਅਪ੍ਰੈਲ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਗਾਤਾਰ ਦੂਜੇ ਦਿਨ ਹਲਕਾ ਸੁਨਾਮ ਦੇ ਸੱਤ ਸਰਕਾਰੀ ਸਕੂਲਾਂ ਵਿੱਚ ਲਗਭਗ 1.5 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ ਗਏ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਟਿੱਬੀ ਰਵਿਦਾਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 40.4 ਲੱਖ ਰੁਪਏ ਦੀ ਲਾਗਤ ਨਾਲ ਮੁੜ ‘ਸਕੂਲ ਆਫ ਹੈਪੀਨੈਸ’ ਵਜੋਂ ਵਿਕਸਤ ਕਰਨ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰੀ ਮਿਡਲ ਸਕੂਲ ਲਖਮੀਰਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਸ਼ੇਰੋਂ, ਸਰਕਾਰੀ ਪ੍ਰਾਇਮਰੀ ਸਕੂਲ ਮਾਨਾ ਪੱਤੀ ਚੀਮਾ, ਸਰਕਾਰੀ ਪ੍ਰਾਇਮਰੀ ਸਕੂਲ ਬੱਲੋ ਪੱਤੀ ਚੀਮਾ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਕੂਲ ਬਖਸ਼ੀਵਾਲਾ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਤਿਆਰ ਪ੍ਰੋਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਕੰਮ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਸਦਕਾ ਹੀ ਹੁਣ ਸੂਬਾ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਹਰ ਵਿਸ਼ੇ ‘ਤੇ ਆਧਾਰਤ ਆਧੁਨਿਕ ਲੈਬਜ਼, ਖੁੱਲ੍ਹੇ ਹਵਾਦਾਰ ਕਮਰੇ, ਸੁਰੱਖਿਆ ਪੱਖੋਂ ਮਜ਼ਬੂਤ ਚਾਰ-ਦਿਵਾਰੀ ਸਮੇਤ ਹਰ ਸੁਵਿਧਾ ਉਪਲਬਧ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਹੀ ਲਗਭਗ 9,000 ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਦਕਾ ਹੁਣ ਪੰਜਾਬ ਵਿੱਚ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲ ‘ਤੇ ਬੱਝਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਵਿੱਚ ਹੋਰ ਵੀ ਵੱਡਾ ਵਾਧਾ ਹੋਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਬੀ.ਡੀ.ਪੀ.ਓ. ਸੰਜੀਵ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ, ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ, ਜਤਿੰਦਰ ਜੈਨ, ਰਾਜ ਕੁਮਾਰ ਕੋਆਰਡੀਨੇਟਰ ਸਿੱਖਿਆ, ਮਨਪ੍ਰੀਤ ਬਾਂਸਲ, ਮਨੀ ਸਰਾਓ, ਸਾਹਿਬ ਸਿੰਘ, ਸਰਪੰਚ ਸਿਕੰਦਰ ਸਿੰਘ, ਬੀਰਬਲ ਸਿੰਘ, ਨਿਰਭੈ ਸਿੰਘ, ਐਮ.ਸੀ. ਹਰਪ੍ਰੀਤ ਸਿੰਘ, ਸੁੱਖਾ ਐਮ.ਸੀ. ਚੀਮਾ, ਦਰਸ਼ਨ ਸਿੰਘ, ਗੁਰਤੇਜ ਸਿੰਘ, ਭਾਗ ਸਿੰਘ ਸਰਪੰਚ, ਸੰਦੀਪ ਸਿੰਘ ਦੁੱਗਾਂ ਸਮੇਤ ਸਕੂਲਾਂ ਦਾ ਸਟਾਫ ਅਤੇ ਹੋਰ ਪਤਵੰਤੇ ਹਾਜ਼ਰ ਸਨ।