ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ: ਸਿਵਲ ਸਰਜਨ
ਵਿਸ਼ਵ ਮਲੇਰੀਆ ਦਿਵਸ ਮੌਕੇ ਹੋਏ ਜਾਗਰੂਕਤਾ ਸਮਾਗਮ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਪ੍ਰੈਲ 2025- ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ, ਨੁੱਕੜ ਨਾਟਕਾਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਖਿਆ ਕਿ ਹਰ ਸਾਲ ਦੁਨੀਆਂ ਭਰ ਵਿਚ ਮਨਾਏ ਜਾਣ ਵਾਲੇ ਇਸ ਦਿਨ ਦੀ ਅਹਿਮੀਅਤ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਆਖਿਆ ਕਿ ਸਰਕਾਰ ਨੇ 2030 ਤਕ ਮਲੇਰੀਆ ਦਾ ਮੁਕੰਮਲ ਖ਼ਾਤਮਾ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ, ਜਿਸ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ। ਸਿਵਲ ਸਰਜਨ ਨੇ ਆਖਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸਲਾਹ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਨੇ ਮਲੇਰੀਆ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾੑਫੁਲਦਾ ਹੈ। ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ।
ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਏ ਜਾਣ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ.ਚੀਮਾ, ਡਾ. ਵਿਜੇ ਭਗਤ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਆਦਿ ਮੌਜੂਦ ਸਨ।