ਪੰਜਾਬ ਸਰਕਾਰ ਵੱਲੋਂ 1000 ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ : ਰਮਨ ਬਹਿਲ
ਸਿਹਤ ਖੇਤਰ ਵਿੱਚ ਵੱਡੇ ਸੁਧਾਰ ਲਿਆ ਕੇ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਗਰੰਟੀ ਨੂੰ ਪੂਰਾ ਕੀਤਾ - ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 25 ਅਪ੍ਰੈਲ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਵੱਡਾ ਉਪਰਾਲਾ ਕਰਦਿਆਂ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਸਿਹਤ ਸਹੂਲਤਾਂ ਦੇਣ ਲਈ 1000 ਨਵੇਂ ਮੈਡੀਕਲ ਅਫ਼ਸਰਾਂ ਦੀ ਭਰਤੀ ਪ੍ਰੀਕ੍ਰਿਆ ਸ਼ੁਰੂ ਕੀਤੀ ਗਈ ਹੈ। ਰਾਜ ਸਰਕਾਰ ਵੱਲੋਂ ਇਹ ਭਰਤੀ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਜ਼ਰੀਏ ਕੀਤੀ ਜਾਵੇਗੀ ਅਤੇ ਭਰਤੀ ਲਈ ਅਰਜ਼ੀਆਂ ਆਨਲਾਈਨ ਹੋਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਐੱਮ.ਬੀ.ਬੀ.ਐੱਸ. ਡਾਕਟਰਾਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਦੇਣ ਦੀ ਪ੍ਰਕਿਰਿਆ ਅੱਜ 25 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਜੋ 15 ਮਈ 2025 ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਦੇ ਬਾਅਦ ਪ੍ਰੀਖਿਆ ਤੇ ਹੋਰ ਪ੍ਰਕਿਰਿਆਵਾਂ ਆਯੋਜਿਤ ਕੀਤੀਆਂ ਜਾਣਗੀਆਂ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਾਂਗ ਰਾਜ ਸਰਕਾਰ ਵੱਲੋਂ ਸਿਹਤ ਖੇਤਰ ਵਿਚ ਵੀ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਬਹੁਤ ਸਾਲਾਂ ਬਾਅਦ ਇੰਨੇ ਅਹੁਦਿਆਂ ‘ਤੇ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਹੋਣ ਨਾਲ ਹੁਣ ਸੂਬਾ ਵਾਸੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚੋਂ ਹੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਲੋਕ ਜਿਹੜੇ ਪੈਸੇ ਆਪਣੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਖ਼ਰਚ ਕਰਦੇ ਹਨ ਹੁਣ ਉਹ ਪੈਸੇ ਆਪਣੇ ਪਰਿਵਾਰ ਦੀ ਬਿਹਤਰੀ ਲਈ ਹੋਰ ਥਾਵਾਂ ਉੱਪਰ ਖ਼ਰਚ ਕਰ ਸਕਣਗੇ। ਚੇਅਰਮੈਨ ਸ੍ਰੀ ਬਹਿਲ ਨੇ ਸਿਹਤ ਵਿਭਾਗ ਵਿੱਚ ਡਾਕਟਰਾਂ ਦੀ ਨਵੀਂ ਭਰਤੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ।