ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਹਾਕੀ ਦਾ ਮੈਚ ਕਰਵਾਇਆ- ਪਿੰਡ ਘੁੰਮਣ ਕਲਾਂ ਦੀ ਟੀਮ ਜੇਤੂ ਰਹੀ
- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਵਿਰੁੱਧ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਜਾਗਰਕ
ਰੋਹਿਤ ਗੁਪਤਾ
ਬਟਾਲਾ, 25 ਅਪ੍ਰੈਲ 2025 - ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਗਈ, ਜਿਸਦੇ ਚੱਲਦਿਆਂ ਖੇਡ ਵਿਭਾਗ ਵਲੋਂ ਹਾਕੀ ਸੈਂਟਰ ਘੁੰਮਣ ਕਲਾਂ ਵਿੱਚ ਅੰਡਰ-19 ਮੈਚ ਕਰਵਾਇਆ ਗਿਆ। ਪਿੰਡ ਘੁੰਮਣ ਕਲਾਂ ਅਤੇ ਜੋਹਲ ਨੰਗਲ ਦੀਆਂ ਟੀਮਾਂ ਵਿੱਚ ਮੈਚ ਕਰਵਾਇਆ ਗਿਆ, ਜਿਸ ਵਿੱਚ ਘੁੰਮਣ ਕਲਾਂ ਦੀ ਟੀਮ ਜੇਤੂ ਰਹੀ।
ਜਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਹਾਕੀ ਦਾ ਮੈਚ ਕਰਵਾਇਆ ਗਿਆ, ਜਿਸ ਵਿੱਚ ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਮੁੱਖ ਅਧਿਆਪਕ ਦਲਜੀਤ ਸਿੰਘ ਅਤੇ ਹਾਕੀ ਕੋਚ ਕੁਲਵਿੰਦਰ ਸਿੰਘ ਵੀ ਮੋਜੂਦ ਸਨ।
ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਲਈ ਦੱਸਿਆ ਜਾ ਰਿਹਾ ਹੈ ਅਤੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸਦੇ ਇਲਾਜ ਲਈ ਆਪਣੇ ਨੇੜੇ ਦੇ ਓਟ ਕੇਂਦਰ ਜਾਂ ਬਟਾਲਾ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਡੇਵਿਡ ਗਿੱਲ ਦੇ ਨੰਬਰ 98760-73836 ਉੱਪਰ ਜਾਂ ਸਿਵਲ ਹਸਪਤਾਲ ਗੁਰਦਾਸਪੁਰ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਰਾਹੁਲ ਦੇ ਮੋਬਾਈਲ ਨੰਬਰ 98783-64398 ’ਤੇ ਸੰਪਰਕ ਕੀਤਾ ਜਾ ਸਕਦਾ ਹੈ।